ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਇਹ ਐਲਾਨ ਕੀਤਾ ਹੋਇਆ ਕਿ ਸੂਬੇ ਦੇ ਕਿਸੇ ਵੀ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜਿਸ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ।(CM Mann on Saheed Amritpal) (family of martyr Amritpal)
ਪੰਜਾਬ ਸਰਕਾਰ ਸ਼ਹੀਦਾਂ ਨੂੰ ਦੇਵੇਗੀ ਸਨਮਾਨ: ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਚੈੱਕ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।
ਕੇਂਦਰ ਵਲੋਂ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ: ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।
ਅਗਨੀਵੀਰ ਸਕੀਮ ਤਹਿਤ ਹੋਇਆ ਸੀ ਭਰਤੀ: ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਹੀ ਪੰਜਾਬ ਦਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਗਿਆ ਸੀ। ਜਿਸ ਦੀ ਭਰਤੀ ਕੇਂਦਰ ਸਰਕਾਰ ਦੀ ਨਵੀਂ ਅਗਨੀਵੀਰ ਸਕੀਮ ਤਹਿਤ ਹੋਈ ਸੀ। ਜਿਸ 'ਚ ਸਿਆਸੀ ਲੀਡਰਾਂ ਨੇ ਇਹ ਸਵਾਲ ਵੀ ਖੜੇ ਕੀਤੇ ਸੀ ਕਿ ਇਸ ਸ਼ਹੀਦ ਨੌਜਵਾਨ ਨੂੰ ਨਾ ਤਾਂ ਫੌਜ ਵਲੋਂ ਸਲਾਮੀ ਦਿੱਤੀ ਗਈ ਤੇ ਨਾ ਹੀ ਸਰਕਾਰ ਉਸ ਨੂੰ ਸ਼ਹੀਦ ਦਾ ਦਰਜਾ ਦੇ ਰਹੀ ਹੈ। ਇਥੋਂ ਤੱਕ ਕਿ ਉਸ ਦੀ ਮ੍ਰਿਤਕ ਦੇਹ ਨੂੰ ਵੀ ਦੋ ਜਵਾਨ ਪ੍ਰਾਈਵੇਟ ਐਂਬੂਲੈਂਸ 'ਚ ਲੈਕੇ ਜੱਦੀ ਪਿੰਡ ਪਹੁੰਚਦੇ ਹਨ। ਜਿਥੇ ਪਿੰਡ ਵਾਲਿਆਂ ਦੇ ਕਹਿਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਸ ਸ਼ਹੀਦ ਨੌਜਵਾਨ ਅੰਮ੍ਰਿਤਪਾਲ ਸਿੰਘ ਨੂੰ ਸਲਾਮੀ ਦਿੱਤੀ ਜਾਂਦੀ ਹੈ।