ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। (Government Jobs)
ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ: ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ।
ਮੈਰਿਟ ਦੇ ਆਧਾਰ ਉਤੇ ਚੁਣੇ ਉਮੀਦਵਾਰ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਉਮੀਦਵਾਰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਉਹ ਆਪਣੀ ਕਾਬਲੀਅਤ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਾਡੀ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਸੂਬਾ ਪਹਿਲਾਂ ਹੀ 70 ਸਾਲ ਪਿੱਛੇ ਚੱਲ ਰਿਹਾ ਹੈ।
ਵੱਡੀ ਗਿਣਤੀ ਵਿੱਚ ਲੜਕੀਆਂ ਨੇ ਮਾਰੀਆਂ ਮੱਲਾਂ: ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਸਰਕਾਰੀ ਨੌਕਰੀਆਂ ਲਈ ਚੁਣੀਆਂ ਜਾ ਰਹੀਆਂ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰੀਖਿਆ ਮਗਰੋਂ ਸਹਿਕਾਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਲਈ 181 ਲੜਕੇ ਤੇ 91 ਲੜਕੀਆਂ ਭਰਤੀ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੜਕੀਆਂ ਦੀ ਸਿੱਖਿਆ ਉਤੇ ਵੱਧ ਧਿਆਨ ਦੇ ਰਹੀ ਹੈ ਅਤੇ ਇਹ ਕੋਸ਼ਿਸ਼ਾਂ ਆਪਣੇ ਤੈਅ ਨਤੀਜੇ ਵੀ ਲਿਆ ਰਹੀਆਂ ਹਨ।
ਨਵ-ਨਿਯੁਕਤ ਲੜਕੀਆਂ ਨੂੰ ਘਰ ਨੇੜੇ ਲਗਾਉਣ ਦਾ ਫੈਸਲਾ: ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਨੂੰ ਵੱਧ ਅਖ਼ਤਿਆਰ ਦੇਣ ਲਈ ਨੇੜ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਨਾਲ ਸਮਾਜ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ ਅਤੇ ਪੰਜਾਬ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵ-ਨਿਯੁਕਤ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਉਹ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਅਦਾ ਕਰ ਸਕਣ।
ਆਪਣੀ ਪਛਾਣ ਬਣਾਉਣ ਲਈ ਕੋਸ਼ਿਸ਼ ਕਰਨ:ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਜਹਾਜ਼ ਨੂੰ ਉਡਣ ਲਈ ਰਨਵੇਅ ਇਕ ਸਹਾਇਕ ਦੀ ਭੂਮਿਕਾ ਨਿਭਾਉਂਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਪਛਾਣ ਬਣਾਉਣ ਲਈ ਕੋਸ਼ਿਸ਼ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਇਸ ਨਾਲ ਨੌਜਵਾਨ ਆਸਮਾਨ ਛੂਹ ਸਕਣ।