ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸੀਰਤ ਕੌਰ ਦੇ ਨਾਲ-ਨਾਲ ਉਹਨਾਂ ਦੇ ਮਾਤਾ ਪ੍ਰੀਤ ਗਰੇਵਾਲ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਦੋ ਬੱਚਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਤਾਂ ਉਹ ਉਹਨਾਂ ਦੀ ਥਾਂ ਇਹ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਦਿਖਾਈ ਪੋਸਟ: ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਮੁੱਖ ਮੰਤਰੀ ਦੀ ਸਾਬਕਾ ਪਤਨੀ ਇੰਦਰਪ੍ਰੀਤ ਗਰੇਵਾਲ ਦੀ ਸੋਸ਼ਲ ਮੀਡੀਆ ਪੋਸਟ ਵਿਖਾਈ ਜਿਸ ਵਿੱਚ ਉਹਨਾਂ ਕਿਹਾ ਹੈ ਕਿ ਭਗਵੰਤ ਮਾਨ ਆਪਣੇ ਦੋ ਬੱਚਿਆਂ ਦੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਹਨ। ਇਸ ਪੋਸਟ ਵਿਚ ਇੰਦਰਪ੍ਰੀਤ ਨੇ ਕਿਹਾ ਕਿ ਉਹ ਹਮੇਸ਼ਾ ਰਾਜਨੀਤੀ ਤੋਂ ਦੂਰ ਰਹੇ ਹਨ ਪਰ ਹੁਣ ਮੁੱਖ ਮੰਤਰੀ ਦੇ ਖਿਲਾਫ ਇਸ ਕਰ ਕੇ ਬੋਲ ਰਹੇ ਹਨ ਕਿਉਂਕਿ ਚੁੱਪ ਰਹਿਣਾ ਉਹਨਾਂ ਦੀ ਕਮਜ਼ੋਰੀ ਸਮਝਿਆ ਜਾਵੇਗਾ। ਇੰਦਰਪ੍ਰੀਤ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਪੰਜਾਬ ਖ਼ਾਤਰਾ ਆਪਣਾ ਪਰਿਵਾਰ ਛੱਡਣ ਦਾ ਡਰਾਮਾ ਕੀਤਾ ਤੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ ਉਹ ਨਵਾਂ ਪਰਿਵਾਰ ਨਾ ਬਣਾਉਂਦੇ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਕਹਿੰਦੇ ਹਨ ਕਿ ਉਹਨਾਂ ਦਾ ਕੰਮ ਬੋਲਦਾ ਪਰ ਜੇਕਰ ਕੰਮ ਬੋਲਦਾ ਹੁੰਦਾ ਤਾਂ ਉਹਨਾਂ ਨੂੰ ਇੰਨੇ ਪੋਸਟਰ ਲਾਉਣ ਦੀ ਜ਼ਰੂਰਤ ਨਾ ਪੈਂਦੀ।
ਅਕਾਲੀ ਆਗੂ ਨੇ ਮੁੱਖ ਮੰਤਰੀ ਦੀ ਬੇਟੀ ਦੀ ਉਹ ਵੀਡੀਓ ਵੀ ਚਲਾ ਕੇ ਵਿਖਾਈ ਜਿਸ ਵਿਚ ਉਹਨਾਂ ਨੇ ਦੱਸਿਆ ਹੈ ਕਿ ਕਿਵੇਂ ਪਹਿਲਾਂ ਉਹਨਾਂ ਦੇ ਭਰਾ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਦਾਖਲ ਨਹੀਂ ਹੋਣ ਦਿੱਤਾ ਗਿਆ ਤੇ ਫਿਰ ਅੱਧੀ ਰਾਤ ਨੂੰ ਬਾਹਰ ਕੱਢ ਦਿੱਤਾ ਗਿਆ। ਵੀਡੀਓ ਵਿਚ ਬੇਟੀ ਨੇ ਆਪਣੇ ਪਿਤਾ ’ਤੇ ਦੋਸ਼ ਲਗਾਇਆ ਕਿ ਉਹ ਸ਼ਰਾਬ ਪੀ ਕੇ ਉਹਨਾਂ ਦੀ ਮਾਤਾ ਨਾਲ ਕੁੱਟਮਾਰ ਕਰਦੇ ਸਨ ਤੇ ਉਹਨਾਂ ਦਾ ਭਾਵੁਕ ਸੋਸ਼ਣ ਕਰਦੇ ਸਨ। ਸੀਰਤ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਦਾ ਉਹੀ ਵਤੀਰਾ ਹਾਲੇ ਵੀ ਜਾਰੀ ਹੈ ਤੇ ਨਾਲ ਹੀ ਕਿਹਾ ਕਿ ਉਹ ਸ਼ਰਾਬ ਪੀ ਕੇ ਧਾਰਮਿਕ ਥਾਵਾਂ ’ਤੇ ਜਾਂਦੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਪਰਿਵਾਰ ਦੀ ਜ਼ਿੰਮੇਵਾਰੀ ਨਹੀਂ ਨਿਭਾ ਸਕਦਾ, ਉਹ ਪੰਜਾਬ ਦੀ ਜ਼ਿੰਮੇਵਾਰੀ ਕੀ ਚੁੱਕੇਗਾ ?