ਚੰਡੀਗੜ੍ਹ: ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਯਾਨੀ ਸ਼ੁਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਤੋਂ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਵਿੱਚ ਸਿਖਲਾਈ ਲਈ ਭੇਜਿਆ ਹੈ। ਉਨ੍ਹਾਂ ਨੇ ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਤੋਂ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਵੱਡੇ ਪੱਧਰ ‘ਤੇ ਮਜ਼ਬੂਤੀ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਅਧਿਆਪਕ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਬਦਲਾਅ ਦੇ ਏਜੰਟ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ।
ਪ੍ਰਿੰਸੀਪਲਾਂ ਦੀ ਚੋਣ ਪਾਰਦਰਸ਼ੀ ਢੰਗ ਹੁੰਦੀ : ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਆਪਕ ਰਾਜ ਜਾਂ ਕੌਮੀ ਪੁਰਸਕਾਰ ਐਵਾਰਡੀ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਖਰਾ ਸਥਾਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਚੋਣ ਕਰਨ ਦਾ ਇੱਕੋ ਇੱਕ ਮਾਪਦੰਡ ਮੈਰਿਟ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰ ਵਿੱਚ ਮੋਹਰੀ ਭੂਮਿਕਾ ਨਿਭਾਉਣ। ਭਗਵੰਤ ਮਾਨ ਨੇ ਕਿਹਾ ਕਿ ਸਿਖਲਾਈ ਤੋਂ ਬਾਅਦ ਉਨ੍ਹਾਂ ਨੂੰ ਸੂਬੇ ਭਰ ਦੇ ਕਿਸੇ ਵੀ ਸਕੂਲ ਵਿੱਚ ਤਾਇਨਾਤ ਕਰਨ ਲਈ ਉਨ੍ਹਾਂ ਨਾਲ ਪਹਿਲਾਂ ਹੀ ਸਮਝੌਤਾ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਹੀ ਇੱਕ ਪਹਿਲਕਦਮੀ ਜੋ ਸਿੱਖਿਆ ਦੇ ਸੁਧਾਰ ਲਈ ਬਹੁਤ ਸਹਾਈ ਸਿੱਧ ਹੋਵੇਗੀ, ਉਹ ਹੈ ਸਕੂਲ ਆਫ਼ ਐਮੀਨੈਂਸ । ਉਨ੍ਹਾਂ ਕਿਹਾ ਕਿ ਇਹ ਸਕੂਲ ਭਵਿੱਖੀ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਵਧੇਰੇ ਸਹਾਈ ਸਿੱਧ ਹੋਣਗੇ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਹ ਸਕੂਲ ਦੂਜੇ ਸੂਬਿਆਂ ਲਈ ਰੋਲ ਮਾਡਲ ਬਣਨਗੇ ਜਿਸ ਨੂੰ ਦੇਸ਼ ਭਰ ਵਿੱਚ ਅਪਣਾਇਆ ਜਾਵੇਗਾ।
ਅਧਿਆਪਕਾਂ ਦੇ ਪੇਸ਼ੇਵਰ ਹੁਨਰ ਵਿੱਚ ਵਾਧਾ ਹੋਵੇਗਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਇੱਕੋ ਇੱਕ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲਟਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਵੱਡੀ ਸਮਰੱਥਾ ਹੈ ਜਿਸ ਕਾਰਨ ਵਿਸ਼ਵ ਪ੍ਰਸਿੱਧ ਆਈ.ਟੀ ਕੰਪਨੀਆਂ ਅਤੇ ਯੂਨੀਵਰਸਿਟੀਆਂ ਸੂਬੇ ਨਾਲ ਗਿਆਨ ਸਾਂਝਾ ਕਰਨ ਸਬੰਧੀ ਸਮਝੌਤਾ ਕਰਨਾ ਚਾਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਮਾਡਲ ਵਜੋਂ ਉੱਭਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਦਾ ਦੌਰਾ ਸਿੱਖਿਆ ਦੇ ਖੇਤਰ ਵਿੱਚ ਅਧਿਆਪਕਾਂ ਦੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਵਿੱਚ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ ਜਾ ਕੇ ਸਿਖਲਾਈ ਲਈ ਰਾਜ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਵਿੱਚ ਵਾਧਾ ਹੋਵੇ ਤਾਂ ਜੋ ਉਹ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ।