ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਚੰਡੀਗੜ੍ਹ ਵਿੱਚ ਮੀਟਿੰਗ ਕਰਨ ਮਗਰੋਂ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕਿਸਾਨ, ਸਮਾਜ ਦੇ ਕਮਜ਼ੋਰ ਵਰਗਾਂ, ਉਦਯੋਗ ਤੇ ਵਪਾਰ, ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਸਮੇਤ ਹਰੇਕ ਵਰਗ ਨਾਲ ਕੀਤੇ ਗਏ ਧੋਖੇ ਨੂੰ ਬੇਨਕਾਬ ਕੀਤਾ ਜਾਵੇਗਾ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਉਹ ਹਰ ਹਲਕੇ ਵਿੱਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਵਿੱਚ ਪਹੁੰਚ ਕਰਨਗੇ। ਇਹ ਵੀ ਫ਼ੈਸਲਾ ਲਿਆ ਗਿਆ ਕਿ ਲੋਕਾਂ ਦੀਆਂ ਮੁਸ਼ਕਲਾਂ ਉਭਾਰਨ ਲਈ ਸਾਰੇ ਪ੍ਰਮੁੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਸੈਮੀਨਾਰਾਂ ’ਚ ਪੰਜਾਬ ਨੂੰ ਉਸ ਦੀ ਰਾਜਧਾਨੀ ਅਤੇ ਦਰਿਆਈ ਪਾਣੀਆਂ ਤੋਂ ਵਿਰਵਾ ਕਰਨ ਸਮੇਤ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ।
ਕੋਰ ਕਮੇਟੀ ਨੇ ਸ਼ਲਾਘਾ ਕੀਤੀ:ਪਾਰਟੀ ਨੇ ਇਹ ਵੀ ਫ਼ੈਸਲਾ ਲਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ‘ਆਪੇ ਗੁਰ ਚੇਲਾ ਨਗਰ ਕੀਰਤਨ’ ਸਜਾਏਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਦੱਸਿਆ ਕਿ ਐੱਸਜੀਪੀਸੀ ਵੱਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਕੋਰ ਕਮੇਟੀ ਨੇ ਸ਼ਲਾਘਾ ਕੀਤੀ ਹੈ ਅਤੇ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ ..ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ਚ “ਅਕਾਲੀ ਦਲ ਤੋਂ ਪੰਜਾਬ ਬਚਾਲੋ “ ਯਾਤਰਾ ਸ਼ੁਰੂ ਕਰਨ ਦਾ ਐਲਾਨ .. ਇਸਦੀ ਮਾਫੀ ਕਦੇ ਫੇਰ ਮੰਗ ਲੈਣਗੇ...ਭਗਵੰਤ ਮਾਨ, ਮੁੱਖ ਮੰਤਰੀ,ਪੰਜਾਬ
ਸੀਐੱਮ ਮਾਨ ਦਾ ਵਾਰ: ਸ਼੍ਰੋਮਣੀ ਅਕਾਲੀ ਦਲ ਦੀ ਯਾਤਰਾ ਦਾ ਸਿਰਲੇਖ ਪੰਜਾਬ ਬਚਾਓ ਯਾਤਰਾ ਵੇਖਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅੰਦਾਜ਼ ਵਿੱਚ ਜਵਾਬ ਦਿੰਦਿਆਂ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਮਗਰੋਂ ਹੁਣ ਅਕਾਲੀ ਦਲ ਬਾਦਲ ਨੇ ਸੱਚ ਬੋਲਿਆ ਹੈ। ਵੋਟਾਂ ਤੋਂ ਪਹਿਲਾਂ “ਅਕਾਲੀ ਦਲ ਤੋਂ ਪੰਜਾਬ ਬਚਾਲੋ“। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ਉੱਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ਉੱਤੇ ਪਹੁੰਚ ਚੁੱਕੀ ਹੈ ਅਤੇ ਸੂਬੇ ਵਿੱਚ ਲੰਮਾ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਅੱਜ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਜਿਸ ਕਰਕੇ ਯਾਤਰਾ ਵਰਗੀਆਂ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ।
ਯਾਤਰਾ ਸਿਰਫ ਗੁੰਮਰਾਹ ਕਰਨ ਲਈ: ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ਵਿੱਚ ਸੁਰਖੀਆਂ ਬਟੋਰਨ ਤੋਂ ਵੱਧ ਹੋਰ ਕੁਝ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂੰ ਹਨ ਜਿਸ ਕਰਕੇ ਉਨ੍ਹਾਂ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।