ਚੰਡੀਗੜ੍ਹ:ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਵਤਨ ਵਾਪਸੀ ਦੀ ਸ਼ੁਰੂਆਤ ਹੋਈ ਅਤੇ ਵਿਦੇਸ਼ਾਂ ਤੋਂ ਵਾਪਸ ਆ ਕੇ ਨੌਜਵਾਨਾਂ ਨੇ ਨੌਕਰੀਆਂ ਹਾਸਲ ਕੀਤੀਆਂ ਹਨ।
37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ:ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੇਣ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹੁਣ ਤੱਕ 37, 934 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਦਿੱਤੀਆਂ ਹਨ। ਵੱਖ-ਵੱਖ ਵਿਭਾਗਾਂ ਦੇ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 37,934 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ।
ਲੜਕੀਆਂ ਹਰੇਕ ਖੇਤਰ ਵਿੱਚ ਬਾਜ਼ੀ ਮਾਰ ਰਹੀਆਂ : ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇੱਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ। ਲੜਕੀਆਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮਿਲਣ ਉਤੇ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲੜਕੀਆਂ ਪ੍ਰਤੀ ਆਪਣੀ ਧਾਰਨਾ ਬਦਲ ਲੈਣੀ ਚਾਹੀਦੀ ਹੈ, ਕਿਉਂਕਿ ਲੜਕੀਆਂ ਹਰੇਕ ਖੇਤਰ ਵਿੱਚ ਬਾਜ਼ੀ ਮਾਰ ਰਹੀਆਂ ਹਨ।
ਨੌਜਵਾਨਾਂ ਨੇ ਵਿਦੇਸ਼ ਛੱਡ ਕੇ ਪੰਜਾਬ 'ਚ ਹਾਸਲ ਕੀਤੀਆਂ ਨੌਕਰੀਆਂ: ਪੰਜਾਬ ਦੀ ਮਹਾਨ ਅਤੇ ਜਰਖੇਜ਼ ਧਰਤੀ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਉਤੇ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਹੁਣ ਰਿਵਰਸ ਮਾਈਗ੍ਰੇਸ਼ਨ (ਵਤਨ ਵਾਪਸੀ) ਦਾ ਰੁਝਾਨ ਸ਼ੁਰੂ ਹੋਣ ਲੱਗਾ ਹੈ ਅਤੇ ਕਈ ਨੌਜਵਾਨਾਂ ਨੇ ਵਿਦੇਸ਼ ਛੱਡ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਸਾਡੇ ਨੌਜਵਾਨ ਪੰਜਾਬ ਦੀ ਪਵਿੱਤਰ ਧਰਤੀ ਨਾਲ ਬਹੁਤ ਮੋਹ ਕਰਦੇ ਹਨ ਪਰ ਪਿਛਲੇ ਸਮੇਂ ਵਿੱਚ ਮਾੜੇ ਸਿਸਟਮ ਤੋਂ ਤੰਗ ਆ ਕੇ ਵਿਦੇਸ਼ ਜਾਣ ਲਈ ਮਜੂਬਰ ਸਨ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨਾਂ ਨੂੰ ਆਪਣੀ ਮਨਪਸੰਦ ਦੀ ਨੌਕਰੀ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਤਾਂ ਕਿ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।
ਖਜ਼ਾਨਾ ਖਾਲੀ ਨਹੀਂ, ਨੀਅਤ ਖਾਲੀ ਸੀ: ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਹਿ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲੇ ਸਿਆਸੀ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਸਗੋਂ ਲੀਡਰਾਂ ਦੀ ਨੀਅਤ ਖੋਟੀ ਹੁੰਦੀ ਹੈ। ਇਹ ਲੀਡਰ ਲੋਕਾਂ ਦਾ ਪੈਸਾ ਆਪਣੇ ਚਾਚੇ-ਭਤੀਜੇ, ਸਾਲੇ-ਜੀਜੇ ਨੂੰ ਦੋਵੇਂ ਹੱਥੀਂ ਲੁਟਾਉਂਦੇ ਸਨ।
ਮੰਤਰੀ ਦੀ ਕੁਰਸੀ ਬੈਠਣ ਲਈ ਨਹੀਂ ਹੁੰਦੀ:ਮੁੱਖ ਮੰਤਰੀ ਨੂੰ ਲੋਕ ਸੇਵਾ ਨੂੰ ਪ੍ਰਣਾਇਆ ਰਹਿਣ ਵਾਲਾ ਅਹੁਦਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੁਰਸੀ ਆਰਾਮਪ੍ਰਸਤੀ ਲਈ ਨਹੀਂ ਹੁੰਦੀ, ਸਗੋਂ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਜਿਸ ਕਰਕੇ ਉਹ ਪੰਜਾਬ ਦੇ ਹਿੱਤ ਵਿੱਚ ਤੁਰੰਤ ਫੈਸਲਾ ਲੈਂਦੇ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਨਸੀਹਤ ਦਿੱਤੀ ਕਿ ਜ਼ਮੀਨੀ ਸਥਿਤੀ ਨੂੰ ਸਮਝਣ ਤੋਂ ਬਿਨਾਂ ਚੰਡੀਗੜ੍ਹ ਬੈਠ ਕੇ ਫੈਸਲੇ ਨਾ ਕੀਤੇ ਜਾਣ ਕਿਉਂਕਿ ਹਰੇਕ ਇਲਾਕੇ ਦੇ ਹਾਲਾਤ ਵੱਖ-ਵੱਖ ਹੁੰਦੇ ਹਨ।