ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਹਰੋਂ ਆਉਣ ਵਾਲੇ ਲੋਕਾਂ ਤੋਂ ਸੂਬੇ ਵਿੱਚ ਕੋਵਿਡ ਦੇ ਫੈਲਾਅ ’ਤੇ ਗੰਭੀਰ ਚਿੰਤਾਵਾਂ ਜ਼ਾਹਰ ਕਰਦਿਆਂ ਬਾਹਰੀ ਸੂਬਿਆਂ ਖਾਸ ਕਰਕੇ ਦਿੱਲੀ ਤੋਂ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਦੀ ਸਖ਼ਤ ਜਾਂਚ ਕਰਨ ਲਈ ਆਖਿਆ ਕਿਉਂ ਜੋ ਦਿੱਲੀ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੈ।
ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਦਿੱਲੀ ਦੇ ਹਸਪਤਾਲ ਦੀ ਸਿਫਾਰਸ਼ ’ਤੇ ਇੱਥੇ ਬੈੱਡ ਰਾਖਵਾਂ ਕਰਵਾਉਣ ਉਪਰੰਤ ਪੰਜਾਬੀਆਂ ਦਾ ਕੋਵਿਡ ਦੇ ਇਲਾਜ ਲਈ ਦਿੱਲੀ ਤੋਂ ਪੰਜਾਬ ਆਉਣ ’ਤੇ ਸਵਾਗਤ ਹੈ। ਮੁੱਖ ਮੰਤਰੀ ਅੱਜ ‘ਕੈਪਟਨ ਨੂੰ ਸਵਾਲ’ ਦੀ ਅਗਲੀ ਲੜੀ ਤਹਿਤ ਫੇਸਬੁੱਕ ’ਤੇ ਲਾਈਵ ਹੁੰਦਿਆਂ ਇਕ ਸਵਾਲ ਦਾ ਜਵਾਬ ਦੇ ਰਹੇ ਸਨ।
ਦੂਜੇ ਸੂਬਿਆਂ ਨਾਲ ਲਗਦੀਆਂ ਪੰਜਾਬ ਦੀਆਂ ਸਰਹੱਦਾਂ ਨੂੰ ਸੀਲ ਕਰਨ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੇ ਪੰਜਾਬ ਨਾਲ ਲਗਦੇ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ ਪਰ ਹਰਿਆਣਾ ਅਤੇ ਦਿੱਲੀ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆ ਰਹੇ ਹਨ। ਇਕੱਲੇ ਸ਼ੁੱਕਰਵਾਰ ਹੀ ਦਿੱਲੀ ਤੇ ਹਰਿਆਣਾ ਤੋਂ 6500 ਵਾਹਨ ਪੰਜਾਬ ਵਿੱਚ ਦਾਖਲ ਹੋਏ ਹਨ। ਜਿਸ ਨਾਲ ਇਕ ਦਿਨ ਵਿੱਚ 20,000 ਨਵੇਂ ਲੋਕ ਪੰਜਾਬ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੌਜ਼ੀਟਿਵ ਕੇਸਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਦਾਖ਼ਲ ਹੋਣ ਦੇ ਨੇਮਾਂ ਨੂੰ ਹੋਰ ਸਖ਼ਤ ਕਰਨ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 2986 ਕੇਸਾਂ ਵਿੱਚੋਂ 1471 ਕੇਸਾਂ ਵਿੱਚ ਬਾਹਰੀ ਲੋਕਾਂ ਅਤੇ ਉਨਾਂ ਦੇ ਸੰਪਰਕ ਨੂੰ ਲੱਭਿਆ ਜਾ ਸਕਦਾ ਹੈ।
ਸੂਬੇ ਵਿੱਚ ਇਕ ਦਿਨ ’ਚ 117 ਕੇਸ ਵਧਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਲੋਕਾਂ ਦੀ ਆਮਦ ’ਚ ਵੱਡਾ ਵਾਧਾ ਹੋਣ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਮਹਿਜ਼ ਇਕ ਮਹੀਨੇ ਵਿੱਚ ਲਗਪਗ 43000 ਲੋਕ ਸੂਬੇ ਵਿੱਚ ਆਏ ਹਨ। ਉਨਾਂ ਦੱਸਿਆ ਕਿ ਦੁਬਈ ਅਤੇ ਹੋਰਨਾਂ ਥਾਵਾਂ ਤੋਂ ਲੋਕਾਂ ਦੇ ਅੰਮ੍ਰਿਤਸਰ ਪਹੁੰਚਣ ਤੋਂ ਇਲਾਵਾ ਰੇਲ ਗੱਡੀਆਂ ਦਾ ਸਫਰ ਵੀ ਇਸ ਇਤਿਹਾਸਕ ਸ਼ਹਿਰ ਵਿੱਚ ਆ ਕੇ ਖਤਮ ਨਾਲ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ।