ਚੰਡੀਗੜ੍ਹ ਡੈਸਕ :ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੱਜ ਪੰਜਾਬ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਸਿੱਖਿਆ ਸਬੰਧੀ ਕਈ ਅਹਿਮ ਫੈਸਲਿਆਂ ਉਤੇ ਮੋਹਰ ਲਾਈ ਗਈ ਹੈ। ਮੁੱਖ ਮੰਤਰੀ ਵੱਲੋਂ ਇਥੇ ਅੱਜ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਯੂਨੀਵਰਸਿਟੀ ਵਿਖੇ ਕੁੜੀਆਂ ਦੇ ਹੋਸਟਲ ਦੇ ਨਵੀਨੀਕਰਨ ਤੇ ਮੁੰਡਿਆਂ ਲਈ ਨਵਾਂ ਹੋਸਟਲ ਬਣਾਉਣ ਲਈ ਚਰਚਾ ਕੀਤੀ ਗਈ। ਇਸ ਸਬੰਧੀ ਮੁੱਖ ਮੰਤਰੀ ਨੇ ਇਕ ਟਵੀਟ ਸਾਂਝਾ ਕਰ ਕੇ ਜਾਣਕਾਰੀ ਦਿੱਤੀ ਹੈ।
ਅੱਜ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਯੂਨੀਵਰਸਿਟੀ ਵਿਖੇ ਕੁੜੀਆਂ ਦੇ ਹੋਸਟਲ ਦੇ ਨਵੀਨੀਕਰਨ ਤੇ ਮੁੰਡਿਆਂ ਲਈ ਨਵਾਂ ਹੋਸਟਲ ਬਣਾਉਣ ਲਈ ਚਰਚਾ ਕੀਤੀ... ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚਿਆਂ ਨੂੰ ਪੜ੍ਹਾਈ ਲਈ ਬਿਹਤਰ ਸਹੂਲਤਾਂ ਮਿਲਣ...ਨਾਲ ਹੀ ਪੰਜਾਬ ਸਰਕਾਰ ਸਾਡੀ ਵਿਰਾਸਤ PU ਲਈ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ।-ਭਗਵੰਤ ਮਾਨ, ਮੁੱਖ ਮੰਤਰੀ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬੱਸ ਸੇਵਾ ਲਈ ਵੀ ਚਰਚਾ : ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਸ਼ਿਆਂ 'ਤੇ ਸਬੰਧਤ ਮੰਤਰੀਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਈ ਤੇ ਦੁਪਹਿਰ 2 ਵਜੇ ਤੱਕ ਚੱਲੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਮੀਟਿੰਗ ਦਾ ਮੁੱਖ ਮੁੱਦਾ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਉਣਾ ਸੀ।
ਮੀਟਿੰਗ ਦੌਰਾਨ ਬ੍ਰਿਟਿਸ਼ ਕੌਂਸਲ ਦਾ ਵਫ਼ਦ ਵੀ ਪਹੁੰਚਿਆ। ਇਸ ਤੋਂ ਬਾਅਦ, ਵਫ਼ਦ ਦੁਆਰਾ ਇੱਕ ਸਮਝੌਤੇ 'ਤੇ ਦਸਤਖਤ ਕੀਤੇ ਗਏ। ਇਸ ਸਮਝੌਤੇ ਅਨੁਸਾਰ ਪੰਜਾਬ ਦੀਆਂ ਉੱਚ ਸਿੱਖਿਆ ਵਾਲੀਆਂ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ ਦੀ ਬਿਹਤਰ ਸਿਖਲਾਈ ਦਿੱਤੀ ਜਾਣੀ ਹੈ, ਤਾਂ ਜੋ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਬਿਹਤਰ ਗਿਆਨ ਦੇ ਸਕਣ। ਇਸ ਕੌਲ ਤਹਿਤ ਹੁਣ ਇੰਗਲਿਸ਼ ਫਾਰ ਵਰਕ ਪ੍ਰੋਗਰਾਮ ਤਹਿਤ 5000 ਵਿਦਿਆਰਥੀਆਂ ਦਾ ਬੈਚ ਟ੍ਰੇਨਿੰਗ ਲਵੇਗਾ।
ਯੂਪੀਐਸਸੀ ਦੀਆਂ ਪ੍ਰੀਖਿਆਵਾਂ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ :ਮੁੱਖ ਮੰਤਰੀ ਨੇ ਬੀਤੇ ਦਿਨੀਂ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਸੀ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂਪੀਐਸਸੀ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫ਼ਤ ਮਿਆਰੀ ਸਿਖਲਾਈ ਦੇਣਗੇ ਅਤੇ ਸੂਬਾ ਤੇ ਕੇਂਦਰ ਸਰਕਾਰ ਦੋਵਾਂ ਵਿੱਚ ਉੱਚ ਅਹੁਦਿਆਂ 'ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ, ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ, ਜਿਸ ਲਈ ਇਹ ਕੇਂਦਰ ਅਹਿਮ ਭੂਮਿਕਾ ਨਿਭਾਉਣਗੇ।