ਚੰਡੀਗੜ੍ਹ: ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ।
ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਦੋ ਉਦੇਸ਼ਾਂ ਦੀ ਪੂਰਤੀ ਕਰੇਗਾ ਕਿਉਂਕਿ ਇਹ ਇਕ ਪਾਸੇ ਜਿੱਥੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਉਥੇ ਦੂਜੇ ਪਾਸੇ ਪੇਂਡੂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜੇਗਾ। ਉਨ੍ਹਾਂ ਕਿਹਾ ਕਿ ਇਹ ਹੱਬ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਇਨ੍ਹਾਂ ਉਦਯੋਗਿਕ ਹੱਬਾਂ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਦੇ ਇੱਛੁਕ ਉਦਯੋਗਪਤੀਆਂ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਖ਼ਾਸ ਵਸਤਾਂ ਦੇ ਉਤਪਾਦਨ ਨੂੰ ਯਕੀਨੀ ਬਣਾਉਣ ਲਈ ‘ਇਕ ਜ਼ਿਲ੍ਹਾ, ਇਕ ਉਤਪਾਦ’ ਦਾ ਵਿਚਾਰ ਵੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਿਕ ਵਸਤਾਂ ਦੇ ਉਤਪਾਦਨ ਨੂੰ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਉੱਦਮੀਆਂ ਨੂੰ ਇਕ ਜ਼ਿਲ੍ਹੇ ਵਿੱਚੋਂ ਵਧੀਆ ਗੁਣਵੱਤਾ ਵਾਲੇ ਉਤਪਾਦ ਪੈਦਾ ਕਰਨ ਦੇ ਯੋਗ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕਈ ਉਤਪਾਦਾਂ ਵਿੱਚ ਮੁਹਾਰਤ ਹੈ ਅਤੇ ਇਸ ਦੀ ਸੰਭਾਵਨਾ ਨੂੰ ‘ਇਕ ਜ਼ਿਲ੍ਹਾ, ਇਕ ਉਤਪਾਦ` ਉਤੇ ਕੇਂਦਰਿਤ ਕਰਕੇ ਅੱਗੇ ਵਧਾਇਆ ਜਾ ਸਕਦਾ ਹੈ।
ਇਕ ਹੋਰ ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਦੇ ਨਾਲ ਉਦਯੋਗਾਂ ਲਈ ਸ਼ਾਂਤ ਮਾਹੌਲ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ, ਸੂਬੇ ਵਿੱਚ ਸਨਅਤੀ ਵਿਕਾਸ ਲਈ ਅਨੁਕੂਲ ਮਾਹੌਲ ਮੁਹੱਈਆ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਇਕ ਧੋਖਾ ਸੀ, ਜਿਸ ਵਿੱਚ ਕੋਈ ਸਾਰਥਿਕ ਮਕਸਦ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਹੌਸਲਾ ਘਟਾਇਆ, ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਸੱਟ ਮਾਰੀ।