ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇੱਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਭਾਵੇਂ ਦੇਸ਼ ਨੇ 1947 ਵਿੱਚ ਬਰਤਾਨਵੀ ਹਾਕਮਾਂ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕਰ ਲਈ ਸੀ ਪਰ ਦੇਸ਼ ਭਗਤਾਂ ਅਤੇ ਮਹਾਨ ਸ਼ਹੀਦਾਂ ਦੇ ਸੁਪਨੇ ਕਦੇ ਵੀ ਸਾਕਾਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਉਨ੍ਹਾਂ ਉੱਤੇ ਬੇਰਿਹਮੀ ਨਾਲ ਜ਼ੁਲਮ ਢਾਹਿਆ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਨ੍ਹਾਂ ਜਾਬਰ ਲੀਡਰਾਂ ਨੂੰ ਬਾਹਰ ਦਾ ਰਾਹ ਦਿਖਾਇਆ ਜਾਵੇ ਜਿਸ ਲਈ ਆਜ਼ਾਦੀ ਦੇ ਸੰਘਰਸ਼ ਦੀ ਦੂਜੀ ਲਹਿਰ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਆਜ਼ਾਦੀ ਸੰਘਰਸ਼ ਵਿਚ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਜਾਂ ਆਪਣੇ ਆਪ ਨੂੰ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲਿਆਂ ਨੂੰ ਸਿਆਸੀ ਤੌਰ ’ਤੇ ਗੁੰਮਨਾਮੀ ਵਿਚ ਧੱਕ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਇਹੀ ਮੰਗ ਕਰਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਹੀ ਸ਼ਹੀਦਾਂ ਦੇ ਸੁਪਨੇ ਪੂਰੇ ਕੀਤੇ ਜਾ ਸਕਦੇ ਹਨ ਅਤੇ ਸਭ ਲਈ ਬਰਾਬਰ ਅਧਿਕਾਰਾਂ ਵਾਲੇ ਭਾਰਤ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਨੇਤਾ ਕਦੇ ਵੀ ਲੋਕਾਂ ਦੇ ਪੱਖ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੋਕ ਉਸੇ ਧਿਰ ਦੇ ਕਲਾਵੇ ਵਿਚ ਚਲੇ ਜਾਂਦੇ ਹਨ, ਜਿੱਥੇ ਏਨਾ ਦਾ ਆਪਣਾ ਫਾਇਦਾ ਹੁੰਦਾ ਹੋਵੇ, ਚਾਹੇ ਮੁਗਲ ਸ਼ਾਸ਼ਕ ਹੋਣ, ਬਰਤਾਨਵੀ ਹਾਕਮ, ਕਾਂਗਰਸ ਅਤੇ ਚਾਹੇ ਭਾਜਪਾ ਹੋਵੇ।
ਦਲ-ਬਦਲੂ ਕਰ ਰਹੇ ਸਿਆਸਤ:ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਹਾਲ ਹੀ ਵਿੱਚ ਭਾਜਪਾ ਦੇ ਇਕ ਵਫ਼ਦ ਜਿਸ ਨੇ ਕੁਝ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ, ਵਿੱਚ ਉਹ ਸਾਰੇ ਦਲ-ਬਦਲੂ ਸ਼ਾਮਲ ਸਨ ਜੋ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਭਾਜਪਾ ਦਾ ਕੋਈ ਵੀ ਪੁਰਾਣਾ ਨੇਤਾ ਇਸ ਵਫ਼ਦ ਦਾ ਹਿੱਸਾ ਨਹੀਂ ਸੀ ਜਿਸ ਦੀ ਅਗਵਾਈ ਭਗਵਾਂ ਪਾਰਟੀ ਦੇ ਨਵੇਂ ਪ੍ਰਧਾਨ ਕਰ ਰਹੇ ਸਨ। ਇੱਥੋਂ ਤੱਕ ਕਿ ਵਫ਼ਦ ਦੀ ਅਗਵਾਈ ਸੁਨੀਲ ਜਾਖੜ ਨੇ ਕੀਤੀ, ਜੋ ਖੁਦ ਕਿਸੇ ਸਮੇਂ ਸੂਬਾ ਕਾਂਗਰਸ ਦੇ ਪ੍ਰਧਾਨ ਸਨ ਪਰ ਹਾਲ ਹੀ ਵਿੱਚ ਇਸ ਅਹੁਦੇ ਲਈ ਆਪਣੀ ਵਫ਼ਾਦਾਰੀ ਬਦਲ ਚੁੱਕੇ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤਾਂ ਕਿ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਸਾਲ 2022 ਵਿੱਚ ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਨਾਲ ਇਸ ਲਹਿਰ ਨੂੰ ਦੇਖ ਚੁੱਕਾ ਹੈ।
ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਜਿਨ੍ਹਾਂ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਲਿਆਂਦਾ ਸੀ, ਖ਼ਿਲਾਫ਼ ਵੀ ਬੇਨਿਯਮੀਆਂ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਜਾ ਕੇ ਸੂਬੇ ਦੀ ਸੇਵਾ ਕਰਨ ਦੀ ਸਹੁੰ ਚੁੱਕੀ ਸੀ ਪਰ ਉਹ ਆਪਣਾ ਵਾਅਦਾ ਪੂਰਾ ਕਰਨ ਦੀ ਬਜਾਏ ਇਸ ਨੂੰ ਭੁੱਲ ਗਏ ਅਤੇ ਅਹੁਦੇ ਦੀ ਖਾਤਰ ਪਹਿਲਾਂ ਕਾਂਗਰਸ ਵਿੱਚ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਸੂਬੇ ਦੇ ਲੋਕਾਂ ਨਾਲ ਗੱਦਾਰੀ ਕਰਦਾ ਹੈ, ਉਸ ਨੂੰ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ।