ਚੰਡੀਗੜ੍ਹ: ਪੰਜਾਬ ਭਵਨ ਵਿੱਚ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਨਿਵੇਸ਼ ਤਾਂ ਸਿਰਫ਼ ਮਾਨਸੂਨ ਤੋਂ ਪਹਿਲਾਂ ਦੇ ਛਰਾਟੇ ਹਨ ਅਤੇ 23-24 ਫਰਵਰੀ ਨੂੰ ਮੋਹਾਲੀ ਵਿੱਚ ਹੋਣ ਜਾ ਰਹੇ ਨਿਵੇਸ਼ ਪੰਜਾਬ ਸੰਮੇਲਨ’ ਦੌਰਾਨ ਸੂਬੇ ਵਿੱਚ ਛੇਤੀ ਹੀ ਵੱਡੇ ਨਿਵੇਸ਼ ਦੇ ਰੂਪ ਵਿੱਚ ਮਾਨਸੂਨ ਵੇਖਣ ਨੂੰ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਸੰਮੇਲਨ ਲਈ ਸੱਦਾ ਦੇਣ ਵਾਸਤੇ ਚੇਨਈ, ਹੈਦਰਾਬਾਦ, ਮੁੰਬਈ ਅਤੇ ਜਰਮਨੀ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨਗਰਾਂ ਦੇ ਉਦਯੋਗਿਕ ਸਮੂਹ ਸੂਬੇ ਵਿੱਚ ਉਦਯੋਗਿਕ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਨੂੰ ਦੇਖ ਕੇ ਹੈਰਾਨ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇਹ ਉਦਯੋਗਪਤੀ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।
ਕਰੋੜਾਂ ਰਪਏ ਦਾ ਨਿਵੇਸ਼: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ 38175 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ 2.43 ਲੱਖ ਮੌਕੇ ਪੈਦਾ ਹੋਣਗੇ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਪ੍ਰਸਤਾਵਿਤ ਨਿਵੇਸ਼ 11853 ਕਰੋੜ ਰੁਪਏ ਦਾ ਹੈ ਜਿਸ ਨਾਲ 1.22 ਲੱਖ ਨੌਕਰੀਆਂ ਪੈਦਾ ਹੋਣਗੀਆਂ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮੈਨੂਫੈਕਚਰਿੰਗ ਸੈਕਟਰ ਵਿਚ 5981 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਅਤੇ 39952 ਨੌਕਰੀਆਂ ਪੈਦਾ ਹੋਈਆਂ ਹਨ, ਸਟੀਲ ਸੈਕਟਰ ਵਿਚ 3889 ਕਰੋੜ ਰੁਪਏ ਦਾ ਨਿਵੇਸ਼ ਆਇਆ ਜਿਸ ਨਾਲ 9257 ਨੌਕਰੀਆਂ ਪੈਦਾ ਹੋਣਗੀਆਂ, ਕੱਪੜਾ, ਟੈਕਨੀਕਲ ਟੈਕਸਟਾਈਲ, ਕੱਪੜਾ ਉਦਯੋਗ ਵਿਚ 3305 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ 13753 ਨੌਕਰੀਆਂ ਪੈਦਾ ਹੋਣਗੀਆਂ, ਖੇਤੀ, ਫੂਡ ਪ੍ਰੋਸੈਸਿੰਗ ਅਤੇ ਬੈਵਰੇਜ ਸੈਕਟਰ ਨੇ 2854 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ 16638 ਨੌਕਰੀਆਂ ਮਿਲਣਗੀਆਂ ਅਤੇ ਹੈਲਥਕੇਅਰ ਵਿਚ 2157 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ ਨੌਕਰੀਆਂ ਦੇ 4510 ਮੌਕੇ ਸਿਰਜੇ ਜਾਣਗੇ।
ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: ਜ਼ਿਲ੍ਹਾਵਾਰ ਵੇਰਵੇ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਐਸ.ਏ.ਐਸ. ਨਗਰ ਵਿੱਚ 9794 ਕਰੋੜ ਰੁਪਏ ਦਾ ਨਿਵੇਸ਼ ਹੋਇਆ, ਜਿਸ ਨਾਲ 68061 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ, ਲੁਧਿਆਣਾ ਵਿੱਚ 9319 ਕਰੋੜ ਰੁਪਏ ਦਾ ਨਿਵੇਸ਼ ਆਇਆ, ਜਿਸ ਨਾਲ 33172 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਫਤਹਿਗੜ੍ਹ ਸਾਹਿਬ ਵਿੱਚ 4246 ਕਰੋੜ ਰੁਪਏ ਦਾ ਨਿਵੇਸ਼ ਆਇਆ, ਜਿਸ ਨਾਲ 13840 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਅੰਮ੍ਰਿਤਸਰ ਵਿੱਚ 4079 ਕਰੋੜ ਰੁਪਏ ਦਾ ਨਿਵੇਸ਼ ਆਇਆ, ਜਿਸ ਨਾਲ 85419 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ, ਪਟਿਆਲਾ ਵਿੱਚ 2821 ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ 9927 ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ ਅਤੇ ਰੂਪਨਗਰ ਵਿੱਚ 1200 ਕਰੋੜ ਰੁਪਏ ਦਾ ਨਿਵੇਸ਼ ਆਇਆ ਜਿਸ ਨਾਲ 3172 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।