ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਸ਼ਹੀਦੀ ਸਭਾ ਦੀਆਂ ਚੱਲ ਰਹੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਵਾਰ ਇਹ ਪਹਿਲੀ ਵਾਰੀ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਸੋਗ ਦਾ ਬਿਗਲ ਵਜਾਇਆ ਜਾਵੇਗਾ। ਤੁਸੀਂ ਉਸ ਸਮੇਂ ਜਿੱਥੇ ਵੀ ਹੋਵੋ ਤਾਂ ਉਸੇ ਥਾਂ ਉੱਤੇ ਅਦੁੱਤੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਿਓ।
ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਹੈ ਅਤੇ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਸਭਾ ਮੌਕੇ ਸੰਗਤ ਦੀ ਆਮਦ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਤੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ ਤੇ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ.. ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ...ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ। - ਭਗਵੰਤ ਮਾਨ, ਮੁੱਖ ਮੰਤਰੀ
ਸੰਗਤ ਨੂੰ ਨਹੀਂ ਆਵੇਗੀ ਕੋਈ ਪਰੇਸ਼ਾਨੀ: ਸ੍ਰੀ ਫਤਹਿਗੜ੍ਹ ਸਾਹਿਬ ਦੇ ਐਸਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਪ੍ਰਬੰਧਾਂ ਨੂੰ ਲੈ ਕੇ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਜੋ ਵੀ ਸ਼ਰਧਾਲੂ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਂਣੀ ਚਾਹੀਦੀ। ਉਹਨਾਂ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ 10 ਸਹਾਇਕ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਡਰੋਨ ਰਾਹੀਂ ਪੂਰੀ ਨਿਗਰਾਨੀ ਰੱਖੀ ਜਾਵੇਗੀ।
ਟ੍ਰੈਫਿਕ ਦੇ ਪੁਖਤਾਂ ਪ੍ਰਬੰਧ: ਐਸਪੀ ਨੇ ਦੱਸਿਆ ਕਿ ਜਿਹੜੇ ਲੋਕ ਕਈ ਵਾਰ ਟ੍ਰੈਫਿਕ ਜਾਮ ਕਾਰਨ ਫਸ ਜਾਂਦੇ ਹਨ ਉਨ੍ਹਾਂ ਨੂੰ ਪੂਰੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਟਰੈਫਿਕ ਕਾਰਨ ਪੂਰੇ ਇਲਾਕੇ ਨੂੰ ਵਨ ਵੇਅ ਕਰ ਦਿੱਤਾ ਗਿਆ ਹੈ। ਮੁੱਖ ਟੀਚਾ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ।