ਪਟਿਆਲਾ: ਸਰਕਾਰੀ ਕਾਲਜ ਲੜਕੀਆਂ ਵਿੱਚ ਪਹਿਲੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ 40 ਸਾਲ ਤੋਂ ਘੱਟ ਬਹੁਗਿਣਤੀ ਆਬਾਦੀ ਵਾਲਾ ਨੌਜਵਾਨ ਰਾਸ਼ਟਰ ਹੈ। ਉਨ੍ਹਾਂ ਕਿਹਾ ਕਿ ਇਹ ਆਬਾਦੀ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਅਸੀਮ ਤਾਕਤ ਨੂੰ ਸਕਾਰਾਤਮਕ ਢੰਗ ਨਾਲ ਵਰਤਿਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਸ ਦਿਸ਼ਾ ਵਿੱਚ ਇੱਕ ਕਦਮ ਹੈ ਕਿਉਂਕਿ ਇਹ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਏਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦੀ ਲੜਕੀਆਂ ਲਈ ਇਲੈਕਟ੍ਰਿਕ ਵਾਹਨ ਆਧਾਰਤ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਸੇਵਾ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਹੋਰ ਥਾਵਾਂ ਉਤੇ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਨ੍ਹਾਂ ਵੱਡੇ ਸ਼ਹਿਰਾਂ ਵਿੱਚ ਲੜਕੀਆਂ ਲਈ ਵਧੀਆ ਜਨਤਕ ਆਵਾਜਾਈ ਸਾਧਨ ਯਕੀਨੀ ਬਣਾਉਣ ਵੱਲ ਵੱਡਾ ਕਦਮ ਹੈ।
ਕਾਨੂੰਨ ਬਣਾਉਣ ਦੀ ਪ੍ਰਕਿਰਿਆ: ਮੁੱਖ ਮੰਤਰੀ ਨੇ ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਫੈਸਲੇ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਜੀਵਨ ਦੇ ਹਰ ਖੇਤਰ 'ਤੇ ਪ੍ਰਭਾਵ ਪੈਂਦਾ ਹੈ ਅਤੇ ਜੇਕਰ ਲੜਕੀਆਂ ਇਸ ਖੇਤਰ 'ਚ ਅੱਗੇ ਆਉਂਦੀਆਂ ਹਨ ਤਾਂ ਨਿਸ਼ਚਿਤ ਤੌਰ 'ਤੇ ਉਹ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ 'ਚ ਅਹਿਮ ਭੂਮਿਕਾ ਨਿਭਾਉਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਸਮਾਜ ਲਈ ਇਕ ਅਸਾਸੇ ਵਾਂਗ ਹਨ ਅਤੇ ਉਹ ਕੁਸ਼ਲ ਕਾਨੂੰਨਦਾਨ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 11 ਮਹਿਲਾ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ।
ਸ਼ਕਤੀਕਰਨ ਦੀ ਲਹਿਰ:ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 11 ਵਿੱਚੋਂ ਦੋ ਮਹਿਲਾ ਵਿਧਾਇਕਾਂ ਨੂੰ ਮੰਤਰੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜ ਮਹਿਲਾ ਐਸ.ਐਸ.ਪੀ. ਅਤੇ ਸੱਤ ਮਹਿਲਾ ਡੀ.ਸੀ. ਨਿਯੁਕਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਛੇ ਵਿਸ਼ੇਸ਼ ਮਹਿਲਾ ਥਾਣੇ ਸਥਾਪਿਤ ਕੀਤੇ ਗਏ ਹਨ ਅਤੇ ਬਹੁਤ ਜਲਦੀ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਥਾਣੇ ਬਣਾਏ ਜਾਣਗੇ। ਲੜਕੀਆਂ ਵੱਲੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜਨ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਮਾਜ ਵਿੱਚ ਗੁਣਾਤਮਕ ਤਬਦੀਲੀ ਆਵੇਗੀ।
ਉਚਾਈਆਂ ਛੂਹਣ ਵਿੱਚ ਮਦਦ:ਮੁੱਖ ਮੰਤਰੀ ਨੇ ਲੜਕੀਆਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਨੌਕਰੀਆਂ ਤੇ ਵਿੱਦਿਅਕ ਪ੍ਰੀਖਿਆਵਾਂ ਦੇ ਨਤੀਜੇ ਦਰਸਾਉਂਦੇ ਹਨ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰ ਕੇ ਇਸ ਰਫ਼ਤਾਰ ਨੂੰ ਜ਼ਰੂਰ ਜਾਰੀ ਰੱਖਿਆ ਜਾਵੇਗਾ। ਮਾਪਿਆਂ ਨੂੰ ਨੌਜਵਾਨਾਂ ਦੇ ਵਿਚਾਰਾਂ ਅਤੇ ਉਨ੍ਹਾਂ ਦੀਆਂ ਕਾਢਾਂ ਨੂੰ ਉਤਸ਼ਾਹਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਨਵੀਆਂ ਉਚਾਈਆਂ ਛੂਹਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਹਰ ਨਵੀਂ ਕਾਢ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੂਰੀ ਦੁਨੀਆ ਨਵੀਂ ਚੀਜ਼ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਇਹੀ ਕਾਢਾਂ ਸਾਡੇ ਜੀਵਨ ਦਾ ਜ਼ਰੂਰੀ ਹਿੱਸਾ ਬਣ ਜਾਂਦੀਆਂ ਹਨ ਅਤੇ ਸਮਾਜ ਦੇ ਵਿਕਾਸ ਲਈ ਰਾਹ ਪੱਧਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਵੀਆਂ ਪਹਿਲਕਦਮੀਆਂ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ।
ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ:ਮੁੱਖ ਮੰਤਰੀ ਨੇ ਕਿਹਾ ਕਿ ਅੰਕ ਪ੍ਰਾਪਤ ਕਰਨਾ ਜਾਂ ਉੱਚ ਪ੍ਰਤੀਸ਼ਤਤਾ ਹਾਸਲ ਕਰਨਾ ਹੀ ਵਿਦਿਆਰਥੀਆਂ ਦਾ ਟੀਚਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਗਲੇ ਮੁਕਾਬਲਿਆਂ ਲਈ ਤਿਆਰ ਕਰਨ ਲਈ ਆਪਣੇ ਮਾਪਿਆਂ ਅਤੇ ਖਾਸ ਕਰਕੇ ਅਧਿਆਪਕਾਂ ਦਾ ਵੀ ਧੰਨਵਾਦੀ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਉੱਤਮਤਾ ਕਰਨ ਦਾ ਅਦੁੱਤੀ ਜਜ਼ਬਾ ਬਖ਼ਸ਼ਿਸ਼ ਕੀਤਾ ਗਿਆ ਹੈ, ਜਿਸ ਸਦਕਾ ਉਨ੍ਹਾਂ ਨੇ ਦੁਨੀਆ ਵਿੱਚ ਆਪਣਾ ਇਕ ਮੁਕਾਮ ਬਣਾਇਆ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਵਿਅਕਤੀ ਰਾਤੋਂ-ਰਾਤ ਨਹੀਂ ਉੱਠਦਾ ਕਿਉਂਕਿ ਮਿਹਨਤ ਅਤੇ ਇਮਾਨਦਾਰੀ ਹੀ ਸਫ਼ਲਤਾ ਦੀ ਕੁੰਜੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਪੇਸ਼ੇਵਰ ਪ੍ਰਤੀਬੱਧਤਾ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।
ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਦ੍ਰਿਸ਼ਟੀਕੋਣ: ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਸੁਧਾਰਾਂ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਕਿ ਸਿੱਖਿਆ ਦੇ ਪਾਠਕ੍ਰਮ ਨੂੰ ਇਸ ਢੰਗ ਨਾਲ ਵਿਉਂਤਿਆ ਜਾਵੇ ਕਿ ਇਹ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਵਿੱਚ ਸਹਾਈ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਮਾਣ ਮਹਿਸੂਸ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਦੇ ਰਹਿਣ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਇਹੀ ਗੁਣ ਸਫ਼ਲਤਾ ਦੀ ਕੁੰਜੀ ਹਨ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਲਾਵਾ ਲਾਇਬ੍ਰੇਰੀ ਬਲਾਕ ਲਈ ਇਕ ਕਰੋੜ ਰੁਪਏ, ਅਤਿ ਆਧੁਨਿਕ ਆਡੀਟੋਰੀਅਮ-ਕਮ-ਬਹੁਮੰਤਵੀ ਹਾਲ ਅਤੇ ਹੋਰਾਂ ਲਈ 51 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ:CM Bhagwant Maan: ਮੁੱਖ ਮੰਤਰੀ ਮਾਨ ਨੇ ਕੀਤਾ ਮੋਰਿੰਡਾ ਬੇਅਦਬੀ ਕਾਂਡ ਤੋਂ ਬਾਅਦ ਟਵੀਟ, ਮੁਲਜ਼ਮਾਂ ਨੂੰ ਦੇਵਾਂਗੇ ਮਿਸਾਲੀ ਸਜ਼ਾ