ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਪੰਜਾਬ ਮਾਮਲਿਆਂ ਦੇ ਨਵੇਂ ਬਣੇ ਇੰਚਾਰਜ ਹਰੀਸ਼ ਰਾਵਤ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੈਕਟਰ-15 ਸਥਿਤ ਕਾਂਗਰਸ ਭਵਨ ਵਿਖੇ ਪ੍ਰੈੱਸ ਵਾਰਤਾ ਕੀਤੀ। ਇਸ ਵਿੱਚ ਉਨ੍ਹਾਂ ਨੇ ਕਿਸਾਨਾਂ ਦੇ ਹੱਕਾਂ ਵਿੱਚ ਖੜ੍ਹਨ ਦੀ ਗੱਲ ਕੀਤੀ ਤਾਂ ਉੱਥੇ ਹੀ ਹਰੀਸ਼ ਰਾਵਤ ਨੇ ਕਿਹਾ ਕਿ 2 ਤਰੀਕ ਨੂੰ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਹਸਤਾਖ਼ਰ ਅਭਿਆਨ ਚਲਾਇਆ ਜਾਵੇਗਾ ਅਤੇ 2 ਕਰੋੜ ਕਿਸਾਨਾਂ ਦੇ ਹਸਤਾਖ਼ਰ ਕਰਵਾ ਕੇ ਰਾਸ਼ਟਰਪਤੀ ਨੂੰ ਭੇਜ ਖੇਤੀ ਬਿੱਲ ਦਾ ਵਿਰੋਧ ਕੀਤਾ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਵੱਲੋਂ ਮੋਹਰ ਲਗਾਉਣ ਤੋਂ ਬਾਅਦ ਕਾਨੂੰਨ ਬਣ ਚੁੱਕੇ ਖੇਤੀ ਬਿੱਲਾਂ ਦੇ ਵਿਰੁੱਧ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਨਾਲ ਹੀ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਉੱਤੇ ਤੰਜ ਕਸਦਿਆਂ ਕਿਹਾ ਕਿ ਸਰਬ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਖੇਤੀ ਆਰਡੀਨੈਂਸ ਬਿੱਲ ਦੀ ਹਮਾਇਤ ਕਰ ਰਹੇ ਸਨ। ਹੁਣ ਸਿਆਸੀ ਜ਼ਮੀਨ ਖਿਸਕਦੀ ਦੇਖ ਹਰਸਿਮਰਤ ਬਾਦਲ ਦਾ ਅਸਤੀਫ਼ਾ ਦੁਆ ਕੇ ਗੱਠਜੋੜ ਵੀ ਤੋੜ ਲਿਆ ਪਰ ਇਸ ਦਾ ਅਕਾਲੀ ਦਲ ਨੂੰ ਕੋਈ ਵੀ ਫਾਇਦਾ ਨਹੀਂ ਪਹੁੰਚੇਗਾ।