ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ, ਜਿਸ ਵਿਚ ਦੇਸ਼ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ਼ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ, ਜਿਸ ਨਾਲ ਸੂਬਾ ਤਰੱਕੀਆਂ ਦੀ ਬੁਲੰਦੀਆਂ ਛੂਹੇਗਾ। ਉਨ੍ਹਾਂ ਕਿਹਾ ਕਿ ਘਰੇਲੂ ਅਤੇ ਆਲਮੀ ਨਿਵੇਸ਼ਕਾਰਾਂ ਦਰਮਿਆਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨਿਵੇਸ਼ ਪੰਜਾਬ ਇਸ ਮੌਕਾ ਦਾ ਭਰਪੂਰ ਲਾਭ ਉਠਾਏਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਸੂਬੇ ਦੇ ਮੋਹਰੀ ਉੱਦਮੀਆਂ ਦੀ ਸਿੱਧੀ ਗੱਲਬਾਤ ਕਰਨ ਦੀ ਵਿਵਸਥਾ ਵੀ ਕੀਤੀ ਜਾਵੇ।