ਪੰਜਾਬ

punjab

ETV Bharat / state

CM ਨੇ ਕੇਂਦਰ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ 'ਚ ਪੰਜਾਬ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ - ਪੰਜਾਬ ਸਰਕਾਰ

ਕੇਂਦਰੀ ਟੀਮ ਦੇ ਦੌਰੇ ਲਈ ਸ਼ਨਾਖ਼ਤ ਕੀਤੇ 11 ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ 'ਚੋਂ ਪੰਜਾਬ ਨੂੰ ਬਾਹਰ ਰੱਖਿਆ ਜਿਸ ਦੇ ਚਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਰੱਖਣ ਦੀ ਮੰਗ ਕੀਤੀ ਹੈ।

ਫ਼ੋਟੋ

By

Published : Aug 25, 2019, 12:35 AM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈਐੱਮਸੀਟੀ) ਵੱਲੋਂ ਹੜ੍ਹਾਂ ਦੀ ਸਥਿਤੀ ਦਾ ਮੌਕੇ 'ਤੇ ਹੀ ਮੁਲਾਂਕਣ ਕਰਨ ਲਈ ਸ਼ਨਾਖਤ ਕੀਤੇ ਸੂਬਿਆਂ ਵਿੱਚ ਪੰਜਾਬ ਨੂੰ ਵੀ ਤੁਰੰਤ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਕੇਂਦਰ ਸਰਕਾਰ ਨੇ 11 ਸੂਬਿਆਂ ਦੀ ਸੂਚੀ ਤਿਆਰ ਕੀਤੀ ਹੈ ਜਿੱਥੇ ਕੇਂਦਰੀ ਟੀਮ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਣਾ ਹੈ ਪਰ ਇਸ ਸੂਚੀ ਵਿੱਚ ਪੰਜਾਬ ਦਾ ਜ਼ਿਕਰ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਪੰਜਾਬ ਨੂੰ ਸ਼ਾਮਲ ਨਾ ਕਰਨ 'ਤੇ ਹੈਰਾਨੀ ਜ਼ਾਹਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਇਸ ਸੂਚੀ ਨੂੰ ਦਰੁਸਤ ਕਰਨ ਦੀ ਅਪੀਲ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ,''ਵੱਖ-ਵੱਖ ਸੂਬਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨੁਕਸਾਨ ਦਾ ਮੁਲਾਂਕਣ ਕਰਨ ਲਈ ਗਠਿਤ ਕੀਤੀ ਕਮੇਟੀ ਵੱਲੋਂ ਸੂਬਿਆਂ ਦੇ ਕੀਤੇ ਜਾਣ ਵਾਲੇ ਦੌਰਿਆਂ ਦੀ ਸੂਚੀ ਵਿੱਚੋਂ ਪੰਜਾਬ ਨੂੰ ਬਾਹਰ ਰੱਖਣ 'ਤੇ ਹੈਰਾਨੀ ਹੋਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਕੇਂਦਰੀ ਟੀਮ ਨੂੰ ਸੂਬੇ ਦਾ ਦੌਰਾ ਕਰਨ ਲਈ ਹਦਾਇਤ ਜਾਰੀ ਕਰੋ।''

19 ਅਗਸਤ ਨੂੰ ਇਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਦੇ ਸੰਦਰਭ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੰਤਰ ਮੰਤਰਾਲਾ ਕੇਂਦਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਜਾਇਜ਼ਾ ਲੈਣ ਲਈ ਪ੍ਰਭਾਵਿਤ ਸੂਬੇ ਮੈਮੋਰੰਡਮ ਸੌਂਪਦੇ ਸਨ ਜਦਕਿ ਇਸ ਕਮੇਟੀ ਨਾਲ ਚਿਰੋਕਣੀ ਉਡੀਕ ਕਰਨ ਵਾਲੀ ਇਹ ਪ੍ਰਥਾ ਖ਼ਤਮ ਕਰ ਦਿੱਤੀ ਗਈ ਹੈ।

ਇਸ ਕੇਂਦਰੀ ਟੀਮ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਮੇਘਾਲਿਆ, ਅਸਾਮ, ਤ੍ਰਿਪੁਰਾ, ਬਿਹਾਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਕਰਨਾਟਕਾ ਅਤੇ ਕੇਰਲਾ ਦਾ ਦੌਰਾ ਕਰਨ ਲਈ ਆਖਿਆ ਗਿਆ ਹੈ। ਇਹ ਕਮੇਟੀ ਇਨ੍ਹਾਂ ਹੜ੍ਹ ਪ੍ਰਭਾਵਿਤ ਸੂਬਿਆਂ ਨੂੰ ਮਦਦ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਅੰਤਮ ਸਿਫ਼ਾਰਸ਼ਾਂ ਕਰੇਗੀ।

ABOUT THE AUTHOR

...view details