ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿੱਚ ‘ਖਾਲਿਸਤਾਨ’ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਨਾਲ ਹੀ ਨੌਜਵਾਨਾਂ ਨੂੰ ਵੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੀ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਵਰਗੇ ਭਾਰਤ ਵਿਰੋਧ ਅਨਸਰਾਂ ਦੇ ਕੂੜ ਪ੍ਰਚਾਰ ਦੇ ਬਹਿਕਾਵੇ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਪੰਨੂੰ ਨੂੰ ਵੰਗਾਰਦਿਆਂ ਕਿਹਾ,‘‘ਤੂੰ ਪੰਜਾਬ ਤਾਂ ਆ ਕੇ ਵੇਖ, ਮੈਂ ਤੈਨੂੰ ਸਬਕ ਸਿਖਾਵਾਂਗਾ।’’ ਉਨਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਕਰੜੇ ਹੱਥੀ ਨਿਪਟਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਕਿ ਮੋਗਾ ਵਿੱਚ ਵਾਪਰੀ ਘਟਨਾ ਵਿੱਚ ਪਛਾਣੇ ਗਏ ਦੋ ਸ਼ਰਾਰਤੀ ਤੱਤਾਂ ਨੂੰ ਛੇਤੀ ਤੋਂ ਛੇਤੀ ਗਿ੍ਫਤਾਰ ਕੀਤਾ ਜਾਵੇ ਤਾਂ ਕਿ ਇਨ੍ਹਾਂਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾ ਸਕੇ। ਪੁਲਿਸ ਨੇ ਦੋਵਾਂ ਲਈ 50,000 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ ਜਿਨਾਂ ਦੀ ਸੀ.ਸੀ.ਟੀ.ਵੀ. ਵੀ ਜਾਰੀ ਕੀਤੀ ਗਈ ਹੈ।
ਪੰਨੂੰ ਵੱਲੋਂ ਭਾਰਤ ਦੇ ਆਜ਼ਾਦੀ ਦਿਵਸ ਮੌਕੇ ਕਾਲੇ ਝੰਡੇ ਲਹਿਰਾਉਣ ਦੇ ਸੱਦੇ ’ਤੇ ਪਲਟਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਪੰਜਾਬ ਦੇ ਲੋਕ ਇਹ ਕਿਉਂ ਕਰਨ, ਜੇਕਰ ਤੁਸੀਂ ਲੋਕ ਜੁਅੱਰਤ ਰੱਖਦੇ ਹੋ ਤਾਂ ਇੱਥੇ ਆ ਕੇ ਕਰਕੇ ਦਿਖਾਓ?’’ ਉਨ੍ਹਾਂ ਕਿਹਾ ਕਿ ਜੇਕਰ ਐਸ.ਐਫ.ਜੇ. ਦਾ ਲੀਡਰ ਚਾਹੁੰਦਾ ਹੈ ਤਾਂ ਉਹ ਉਸ ਜਗਾ ’ਤੇ ਖਾਲਿਸਤਾਨ ਬਣਾ ਸਕਦਾ, ਜਿੱਥੇ ਉਹ ਲੁਕਿਆ ਹੋਇਆ ਹੈ।