ਚੰਡੀਗੜ੍ਹ: ਪੰਜਾਬ ਦੇ ਪੇਂਡੂ ਅਰਥਚਾਰੇ ਦੀ ਰੀੜ ਦੀ ਹੱਡੀ ਵਜੋਂ ਜਾਣੀਆਂ ਜਾਂਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ। ਜਿਸ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਪਿੰਡਾਂ ਵਿਚਲੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਾਰਕਫੈੱਡ ਦੇ ਦਫਤਰ ਵਿਖੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਰੰਧਾਵਾ ਨੇ ਕਿਹਾ ਕਿ ਸੁਸਾਇਟੀਆਂ ਦਾ ਸਾਰਾ ਕੰਮਕਾਜ ਆਨਲਾਈਨ ਹੋਣ ਜਿਥੇ ਸੁਸਾਇਟੀਆਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਆਵੇਗੀ ਉਥੇ ਇਨ੍ਹਾਂ ਵਿੱਚ ਹੁੰਦੇ ਗਬਨਾਂ ਤੇ ਘਪਲਿਆਂ ਨੂੰ ਵੀ ਰੋਕਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਪਿੰਡਾਂ ਦੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ। ਸ਼ੁਰੂਆਤੀ ਪੜਾਅ ਵਿੱਚ ਤਰਨ ਤਾਰਨ, ਅਜਨਾਲਾ, ਰਾਜਾਸਾਂਸੀ, ਬਾਬਾ ਬਕਾਲਾ, ਬਟਾਲਾ, ਡੇਰਾ ਬਾਬਾ ਨਾਨਕ ਦੇ ਪਿੰਡਾਂ ਦੀਆਂ ਸੁਸਾਇਟੀਆਂ ਵਿੱਚ ਕੰਪਿਊਟਰੀਕਰਨ ਦੀ ਪ੍ਰੀਕਿਰਿਆ ਨੂੰ ਆਰੰਭ ਕੀਤਾ ਜਾਵੇਗਾ ।