ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਡੇਰਾ ਸੱਚਾ ਸੌਦਾ ਨਾਲ ਮਿਲ ਕੇ ਅਕਾਲੀ ਦਲ ਦੇ ਖ਼ਿਲਾਫ਼ ਸਾਜ਼ਿਸ਼ ਰਚੀ ਹੈ, ਜਿਸਦਾ ਇਕਲੌਤਾ ਮਕਸਦ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਡੇਰੇ ਦੀਆਂ ਵੋਟਾਂ ਹਾਸਲ ਕਰਨਾ ਹੈ ਤੇ ਇਸਦੇ ਬਦਲੇ ਡੇਰੇ ਨੂੰ ਕਲੀਨ ਚਿੱਟ ਦਿੱਤੀ ਜਾਵੇਗੀ।
ਕਾਂਗਰਸ ਨੇ ਡੇਰਾ ਸੱਚਾ ਸੌਦਾ ਨਾਲ ਮਿਲ ਕੇ ਅਕਾਲੀ ਦਲ ਦੇ ਖ਼ਿਲਾਫ਼ ਸਾਜ਼ਿਸ਼ ਰਚੀ: ਅਕਾਲੀ ਦਲ ਅਕਾਲ ਦਲ ਦੇ ਸੀਨੀਅਰ ਆਗੂ ਬਲਵਿੰਦਰ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਗਰੇਵਾਲ ਤੇ ਸਿਕੰਦਰ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਡੇਰੇ ਨਾਲ ਹੋਏ ਸਮਝੌਤੇ ਤਹਿਤ ਬੇਅਦਬੀ ਮਾਮਲੇ ਵਿੱਚ ਡੇਰੇ ਖ਼ਿਲਾਫ਼ ਕੇਸ ਕਮਜ਼ੋਰ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਡੇਰਾ ਸੱਚਾ ਸੌਦਾ ਨੂੰ ਡਰਾਇਆ ਤੇ ਹੁਣ ਉਸ ਨਾਲ ਰਲ ਕੇ ਉਸਨੂੰ ਅਕਾਲੀ ਦਲ ਦੇ ਖ਼ਿਲਾਫ਼ ਸਿਆਸੀ ਮਨਸੂਬਿਆਂ ਵਾਸਤੇ ਵਰਤਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਦਿਆਂ ਉਸਦੀ ਡੇਰੇ ਨਾਲ ਦੋਸਤੀ ਬੇਨਕਾਬ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੇ ਵੀ ਕਾਂਗਰਸ ਪਾਰਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਤੇ ਧੋਖੇ ਵਾਲੀ ਤੇ ਅਨੈਤਿਕ ਸਿਆਸਤ ਨਹੀਂ ਕਰਨ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ 'ਤੇ ਡੇਰੇ ਦੀ ਸਾਜ਼ਿਸ਼ ਕਦਮ ਦਰ ਕਦਮ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕੇਸ ਵਿੱਚ ਮੁੱਖ ਮੁਲਜ਼ਮ ਦਾ ਨਿਆਂਇਕ ਹਿਰਾਸਤ ਵਿੱਚ ਕਤਲ ਹੋ ਗਿਆ ਕਿਉਂਕਿ ਕਾਂਗਰਸ ਸਰਕਾਰ ਨਹੀਂ ਚਾਹੁੰਦੀ ਸੀ ਕਿ ਸੱਚਾਈ ਬਾਹਰ ਆਵੇ।
ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਪੁਲਿਸ ਫਾਇਰਿੰਗ ਕੇਸ ਵਿਚ ਮੁੱਖ ਗਵਾਹ ਦੇ ਪਰਿਵਾਰ ਨੇ ਕਾਂਗਰਸ ਦੇ ਮੰਤਰੀ ਤੇ ਫਰੀਦਕੋਟ ਦੇ ਕਾਂਗਰਸੀ ਵਿਧਾਇਕ 'ਤੇ ਉਸਦੀ ਮੌਤ ਲਈ ਜ਼ਿੰਮੇਵਾਰ ਹੋਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਾਰੀਆਂ ਕੜੀਆਂ ਜੁੜ ਕੇ ਹੁਣ ਕਾਂਗਰਸ ਪਾਰਟੀ ਵੱਲ ਇਸ਼ਾਰਾ ਕਰ ਰਹੀਆਂ ਹਨ ਤੇ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਇਸਦੇ ਹੱਥ ਹੀ ਮੈਲੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੀ ਸਾਜ਼ਿਸ਼ ਬੇਨਕਾਬ ਹੋ ਜਾਵੇਗੀ ਤੇ ਲੋਕਾਂ ਸਾਹਮਣੇ ਸੱਚ ਆ ਜਾਵੇਗਾ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡੇਰੇ ਦੀ ਮਦਦ ਨਹੀਂ ਮੰਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕੁਝ ਉਮੀਦਵਾਰਾਂ ਨੇ ਆਪਣੇ ਨਿੱਜੀ ਹੈਸੀਅਤ ਵਿੱਚ ਡੇਰੇ ਦੀ ਮਦਦ ਲਈ ਸੀ। ਉਨ੍ਹਾਂ ਕਿਹਾ ਕਿ ਇਹ ਆਗੂ ਫਿਰ ਆਪ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਏ ਤੇ ਇਸ ਗਲਤੀ ਲਈ ਆਪਣੀਆਂ ਭੁੱਲਾਂ ਬਖਸ਼ਾਈਆਂ।
ਉਨ੍ਹਾਂ ਕਿਹਾ ਕਿ ਇਸਦੇ ਉਲਟ ਕਾਂਗਰਸ ਦੇ ਐਮਪੀ ਪ੍ਰਨੀਤ ਕੌਰ, ਰਾਜਿੰਦਰ ਕੌਰ ਭੱਠਲ, ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ, ਕੇਵਲ ਸਿੰਘ ਢਿੱਲੋਂ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਕਦੇ ਵੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਨਹੀਂ ਹੋਏ ਤਾਂ ਕਿ ਉਨ੍ਹਾਂ ਨੂੰ ਡੇਰਾ ਸੱਚਾ ਸੌਦਾ ਦੇ ਹੈਡਕੁਆਰਟਰ ਜਾਣ ਲਈ ਸਜ਼ਾ ਮਿਲਦੀ। ਉਨ੍ਹਾਂ ਇਹ ਵੀ ਕਿਹਾ ਕਿ ਡੇਰੇ ਦੇ ਮੁਖੀ ਦੀ ਪੁੱਤਰੀ ਦਾ ਸਹੁਰਾ ਕਾਂਗਰਸ ਪਾਰਟੀ ਦਾ ਮੀਤ ਪ੍ਰਧਾਨ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਇਸੇ ਲਈ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਡੇਰੇ ਦੀ ਸਮਰਥਕ ਵੀਰਪਾਲ ਕੌਰ ਵੱਲੋਂ ਰਲ ਕੇ ਪ੍ਰੈਸ ਕਾਨਫਰੰਸਾਂ ਕੀਤੀਆਂ ਰਹੀਆਂ। ਉਨ੍ਹਾਂ ਕਿਹਾ ਕਿ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਝੂਠਾ ਤੇ ਕੂੜ ਪ੍ਰਚਾਰ ਸ਼ੁਰੂ ਕਰ ਕੇ ਆਪਣੀ ਸਰਕਾਰ ਦੀਆਂ ਅਸਫਲਤਾਵਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਦਕਿ ਵੀਰਪਾਲ ਕੌਰ ਨੇ ਅਜਿਹੀ ਗੱਲ ਫੈਲਾਉਣ ਦੀ ਕੋਸ਼ਿਸ਼ ਕੀਤੀ ਜਿਸਨੂੰ ਉਸ ਵੱਲੋਂ ਦੱਸੇ ਪੁਲਿਸ ਅਫਸਰ ਨੇ ਹੀ ਨਕਾਰ ਦਿੱਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵੀਰਪਾਲ ਵੀ ਕਾਂਗਰਸ ਦੀ ਗੁਪਤਚਰ ਹੈ ਤੇ ਕਾਂਗਰਸ ਪਾਰਟੀ ਦੇ ਇਸ਼ਾਰਿਆਂ 'ਤੇ ਚਲ ਰਹੀ ਹੈ।