ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਮੁਫ਼ਤ ਬਿਜਲੀ ਬੰਦ ਕਰਨ ਵੱਲ ਇਕ ਕਦਮ ਵੀ ਚੁਕਿਆ ਗਿਆ ਤਾਂ ਕਾਂਗਰਸ ਸਰਕਾਰ ਨੂੰ ਅਕਾਲੀ ਦਲ ਵੱਲੋਂ ਬੇਮਿਸਾਲ ਲੋਕ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਸੁਖਬੀਰ ਬਾਦਲ ਨੇ ਇਹ ਚੇਤਾਵਨੀ ਤਾਲਾਬੰਦੀ ਕਾਰਨ ਪੰਜਾਬ ਦੇ ਅਰਥਚਾਰੇ ਨੂੰ ਸੁਰਜੀਤ ਕਰਨ ਲਈ ਬਣਾਈ ਮੋਨਟੇਕ ਸਿੰਘ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਵਿਰੁੱਧ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹੂਲਤ 1997 ਵਿੱਚ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਆਹਲੂਵਾਲੀਆ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਦਾ ਹੈ ਕਿਉਂਕਿ ਇਹ ਕਿਸਾਨਾਂ ਦੇ ਹਿਤਾਂ ਲਈ ਨੁਕਸਾਨਦੇਹ ਹੈ ਅਤੇ ਇਸਦੀਆਂ ਸਿਫਾਰਸ਼ਾਂ ਪ੍ਰਵਾਨ ਕਰਨਾ ਕਿਸਾਨਾਂ ਲਈ ਮੌਤ ਦਾ ਵਾਰੰਟ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਤੁਰੰਤ ਰੱਦ ਕਰਨ ਲਈ ਕਿਹਾ ਹੈ।
ਸੁਖਬੀਰ ਬਾਦਲ ਨੇ ਆਹਲੂਵਾਲੀਆ ਦੀਆਂ ਹੋਰ ਸਿਫਾਰਸ਼ਾਂ ਦੀ ਵੀ ਜੰਮ ਕੇ ਨਿਖੇਧੀ ਕੀਤੀ, ਜਿਸ ਵਿੱਚ ਸਰਕਾਰ ਨੂੰ ਸੂਬੇ ਵਿੱਚ ਝੋਨੇ ਦੀ ਖਰੀਦ ਦੀ ਰਫਤਾਰ ਘੱਟ ਕਰਨ ਦੀ ਸਲਾਹ ਦਿੱਤੀ ਹੈ।