ਪੰਜਾਬ

punjab

ETV Bharat / state

Daily Hukamnama: ੧੭ ਸਾਵਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama

By

Published : Aug 1, 2023, 6:35 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅੱਜ ਦਾ ਹੁਕਮਨਾਮਾ

ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ABOUT THE AUTHOR

...view details