ਪੰਜਾਬ

punjab

ETV Bharat / state

Daily Hukamnama: ੩੧ ਸਾਵਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple August 15
ਅੱਜ ਦਾ ਹੁਕਮਨਾਮਾ

By

Published : Aug 15, 2023, 6:20 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥

ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ:(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭। (ਐੱਸਜੀਪੀਸੀ)

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ABOUT THE AUTHOR

...view details