ਪੰਜਾਬ

punjab

ETV Bharat / state

Amrit Vele Da Hukamnama: 15 ਕੱਤਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਅੱਜ ਦਾ ਫੁਰਮਾਨ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Amrit Vele Da Hukamnama
Amrit Vele Da Hukamnama

By ETV Bharat Punjabi Team

Published : Oct 31, 2023, 6:35 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਧਨਾਸਰੀ ਮਹਲਾ ੫॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਮੰਗਲਵਾਰ, ੧੫ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੩੧ ਅਕਤੂਬਰ, ੨੦੨੩ (ਅੰਗ: ੬੭੬)

ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਧਨਾਸਰੀ ਮਹਲਾ ੫॥ ਹੇ ਭਾਈ ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ABOUT THE AUTHOR

...view details