ਪੰਜਾਬ

punjab

ETV Bharat / state

Daily Hukamnama: 21 ਭਾਦੋਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Amrit vele da Hukamnama
Amrit vele da Hukamnama

By ETV Bharat Punjabi Team

Published : Sep 6, 2023, 6:27 AM IST

Updated : Sep 6, 2023, 9:23 AM IST

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥

ਪੰਜਾਬੀ ਵਿਆਖਿਆ : ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਘੋੜੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ। ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ। ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਉਸੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਦਾ ਮਿਤਰ ਪਰਮਾਤਮਾ ਦਾ ਨਾਮ ਹੈ। ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ) ਇਹ ਕਾਂਇਆਂ ਪਰਮਾਤਮਾ ਨੇ ਪੈਦਾ ਕੀਤੀ ਹੈ ॥੧॥

ਘੋੜੀਆ = ਘੋੜੀਆਂ।ਦੇਹ = ਸਰੀਰ, ਮਨੁੱਖਾ ਸਰੀਰ। ਤੇਜਣਿ = ਘੋੜੀ। ਰਾਮਿ = ਰਾਮ ਨੇ, ਪਰਮਾਤਮਾ ਨੇ। ਉਪਾਈਆ = ਉਪਾਈ, ਪੈਦਾ ਕੀਤੀ ਹੈ। ਧੰਨੁ = ਭਾਗਾਂ ਵਾਲਾ। ਪੁੰਨਿ = ਚੰਗੀ ਕਿਸਮਤ ਨਾਲ। ਪਾਈਆ = ਪਾਈ ਹੈ, ਲੱਭੀ ਹੈ (ਇਹ ਦੇਹ)। ਵਡ ਪੁੰਨੇ = ਵੱਡੀ ਕਿਸਮਤ ਨਾਲ। ਦੇਹ = ਕਾਂਇਆਂ। ਕੰਚਨ = ਸੋਨਾ। ਗੁਰਮੁਖਿ = ਗੁਰੂ ਦੀ ਰਾਹੀਂ। ਚਲੂਲਾ = ਗੂੜ੍ਹਾ। ਨਵ ਰੰਗੜੀਆ = ਨਵੇਂ ਰੰਗ ਨਾਲ ਰੰਗੀ ਗਈ। ਬਾਂਕੀ = ਸੋਹਣੀ। ਜਿਤੁ = ਜਿਸ ਦੀ ਬਰਕਤਿ ਨਾਲ। ਜਾਪੀ = ਜਾਪੀਂ, ਮੈਂ ਜਪ ਸਕਦਾ ਹਾਂ। ਨਾਮਿ = ਨਾਮ ਦੀ ਰਾਹੀਂ। ਪਾਈ = ਲੱਭੀ (ਇਹ ਦੇਹ)। ਸਖਾਈ = ਸਾਥੀ ॥੧॥ (ਐੱਸਜੀਪੀਸੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Last Updated : Sep 6, 2023, 9:23 AM IST

ABOUT THE AUTHOR

...view details