ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਵਿਰੁੱਧ ਦਿੱਤੇ ਜਾ ਰਹੇ ਬਿਆਨਾਂ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਖੇਤ ਮਜ਼ਦੂਰ ਦੇਸ਼ ਵਿਰੋਧੀ ਨਹੀਂ ਸਗੋਂ ਇਹ ਉਹੀ ਦੇਸ਼ ਭਗਤ ਅਤੇ ਰਾਸ਼ਟਰਵਾਦੀ ਲੋਕ ਹਨ ਜਿਨ੍ਹਾਂ ਨੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪਿਛਲੇ ਵਰ੍ਹੇ ਗਲਵਾਨ ਵਾਦੀ ਵਿੱਚ ਆਪਣੀਆਂ ਜਾਨਾਂ ਦੀ ਕੁਰਬਾਨੀ ਦਿੱਤੀ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੀ ਤੁਲਨਾ ਗੁੰਡਾ ਅਨਸਰਾਂ ਜਾਂ ਅੱਤਵਾਦੀਆਂ ਨਾਲ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ‘ਤੇ ਤੁਰੰਤ ਰੋਕਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਕਿਹਾ “ਉਨ੍ਹਾਂ ਨੇ ਕੋਈ ਵੀ ਦੇਸ਼ ਵਿਰੋਧੀ ਕਾਰਵਾਈ ਨਹੀਂ ਕੀਤੀ, ਉਹ ਦੇਸ਼ ਵਿਰੋਧੀ ਨਹੀਂ ਹਨ ਅਤੇ ਉਹ ਕਦੇ ਵੀ ਦੇਸ਼ ਦੀ ਏਕਤਾ ਤੇ ਅਖੰਡਤਾ ਵਿਰੁੱਧ ਕੋਈ ਕਦਮ ਨਹੀਂ ਚੁੱਕਣਗੇ।”
ਇਹ ਵੀ ਪੜੋ: ਸੁਖਬੀਰ ਬਾਦਲ ਨੇ 13 ਕਰੋੜ ਲੈ ਕੇ ਸ਼ਰਾਬ ਫੈਕਟਰੀ ਲਗਾਉਣ ਲਈ ਦਿੱਤਾ ਲਾਇਸੈਂਸ: ਜਾਖੜ
ਮੁੱਖ ਮੰਤਰੀ ਨੇ ਕਿਹਾ “ਇਹ ਦੇਸ਼ ਭਗਤ ਅਤੇ ਰਾਸ਼ਟਰਵਾਦੀ ਹਨ- ਜਦੋਂ ਉਨ੍ਹਾਂ ਦਾ ਇੱਕ ਪੁੱਤਰ ਪਿੰਡ ਵਿੱਚ ਖੇਤਾਂ ‘ਚ ਕੰਮ ਕਰ ਰਿਹਾ ਹੈ ਤਾਂ ਦੂਜਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟਿਆ ਹੋਇਆ ਹੈ। ਇਹ ਉਹੀ ਲੋਕ ਹਨ ਜਿਨ੍ਹਾਂ ਨੇ ਪਿਛਲੇ ਵਰ੍ਹੇ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਗਲਵਾਨ ਵਾਦੀ ਵਿੱਚ ਹੋਰਨਾਂ ਰਾਜਾਂ ਦੇ ਸੈਨਿਕਾਂ ਨਾਲ ਦੇਸ਼ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।” ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਵਿਰੁੱਧ ਬਦਨਾਮੀ ਦੀ ਇਸ ਮੁਹਿੰਮ ‘ਤੇ ਤੁਰੰਤ ਰੋਕ ਲਗਾਏ ਜਾਣ ਨੂੰ ਯਕੀਨੀ ਬਣਾਉਣ।
ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੇ ਆਗੂਆਂ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਹੁਤ ਹੀ ਨਿੰਦਣਯੋਗ ਬਿਆਨਾਂ ਵੱਲ ਸਦਨ ਦਾ ਧਿਆਨ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਉਹ ਰਾਸ਼ਟਰੀ ਪੱਧਰ ‘ਤੇ ਅਤੇ ਗੁਆਂਢੀ ਸੂਬਿਆਂ ਵਿੱਚ ਸਰਕਾਰਾਂ ਦੀ ਅਗਵਾਈ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਸਾਨਾਂ ਵਿਰੁੱਧ “ਦੇਸ਼ ਵਿਰੋਧੀ ਤੇ ਖਾਲਿਸਤਾਨੀ” ਜਿਹੇ ਸ਼ਬਦਾਂ ਦੀ ਵਰਤੋਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਬਿਆਨਾਂ ਨੇ ਨਾ ਸਿਰਫ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਬਲਕਿ ਸਾਡੀ ਸਰਕਾਰ ਦੀਆਂ ਚਿੰਤਾਵਾਂ ਅਤੇ ਖ਼ਦਸ਼ੇ ਵੀ ਵਧੇ ਦਿੱਤੇ ਹਨ ਜੋ ਸਾਡੇ ਭਵਿੱਖ ਲਈ ਚੰਗਾ ਸੰਕੇਤ ਨਹੀਂ ਹਨ।