ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ, ਸਰਬੱਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ 'ਤੇ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਪਾਵਰਕਾਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 135 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਸ ਨਾਲ ਬੀਮਾ ਕੰਪਨੀ ਨੂੰ ਦੂਜੀ ਕਿਸ਼ਤ ਦੀ ਅਦਾਇਗੀ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ 45.89 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਸੂਬੇ ਦੀ ਲਗਪਗ 75 ਫ਼ੀਸਦੀ ਆਬਾਦੀ ਦੇ ਬਰਾਬਰ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 27 ਕਰੋੜ ਰੁਪਏ ਅਤੇ ਸੂਬੇ ਵਿੱਚ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਕਿ ਲੋਕਾਂ ਲਈ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।
ਇਸ ਸਕੀਮ ਹੇਠ ਪ੍ਰਤੀ ਪਰਿਵਾਰ 5 ਲੱਖ ਰੁਪਏ ਸਾਲਾਨਾ ਨਗਦ ਰਹਿਤ ਬੀਮੇ ਦਾ ਉਪਬੰਧ ਹੈ, ਤੇ ਹੁਣ ਤੱਕ ਸਕੀਮ ਅਧੀਨ 181.55 ਕਰੋੜ ਰੁਪਏ ਦੀ ਲਾਗਤ ਨਾਲ 1.57 ਲੱਖ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।