ਚੰਡੀਗੜ੍ਹ: ਪਿਛਲੇ ਦਿਨੀਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵਲੋਂ ਸਾਥੀਆਂ ਸਣੇ ਬਲਾਕ ਜ਼ੀਰਾ ਦੇ ਬੀਡੀਪੀਓ ਦਫਤਰ 'ਚ ਧਰਨਾ ਲਗਾਇਆ ਗਿਆ ਸੀ। ਜਿਸ ਨੂੰ ਲੈਕੇ ਜ਼ੀਰਾ ਪੁਲਿਸ ਵੱਲੋਂ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਸ 'ਤੇ ਹਲਕਾ ਜ਼ੀਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਦਾ ਸਵਾਗਤ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਲੋਕਾਂ ਦੀ ਆਵਾਜ਼ ਬੁਲੰਦ ਕਰਨ 'ਤੇ ਮੇਰੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। (FIR on Former MLA Kulbir Zira)
ਵਿਧਾਇਕ ਸਮੇਤ 70 ਲੋਕਾਂ 'ਤੇ ਪਰਚਾ: ਇਸ 'ਤੇ ਸਾਬਕਾ ਵਿਧਾਇਕ ਦਾ ਕਹਿਣਾ ਕਿ ਉਹ ਗ੍ਰਿਫ਼ਤਾਰੀ ਦੇਣ ਲਈ ਤਿਆਰ ਹਨ ਅਤੇ ਮੰਗਲਵਾਰ ਨੂੰ ਆਪਣੀ ਗ੍ਰਿਫ਼ਤਾਰੀ ਖੁਦ ਦੇਣਗੇ। ਕਾਬਿਲੇਗੌਰ ਹੈ ਕਿ ਇਹ ਮਾਮਲਾ ਫਿਰੋਜ਼ਪੁਰ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਤੋਂ ਇਲਾਵਾ ਉਨ੍ਹਾਂ ਨਾਲ ਮੌਜੂਦ ਕਰੀਬ 70 ਅਣਪਛਾਤੇ ਵਿਅਕਤੀਆਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਦਾ ਪਤਾ ਚੱਲਦਿਆਂ ਹੀ ਕੁਲਬੀਰ ਜ਼ੀਰਾ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਦਾਅਵਾ ਕੀਤਾ ਕਿ ਉਹ 17 ਅਕਤੂਬਰ ਨੂੰ ਗ੍ਰਿਫ਼ਤਾਰੀ ਦੇਣਗੇ।