ਚੰਡੀਗੜ੍ਹ: ਫੂਡ ਸੇਫਟੀ ਵਿਭਾਗ ਰਾਜ ਦੇ ਲੋਕਾਂ ਨੂੰ ਉੱਚ ਪੱਧਰੀ ਖਾਣ-ਪੀਣ ਦੀਆਂ ਚੀਜ਼ਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਚਨਬੱਧਤਾ ਦੇ ਹਿੱਸੇ ਵਜੋਂ, ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਿਭਾਗ ਦੇ ਫੂਡ ਸੇਫਟੀ ਅਧਿਕਾਰੀਆਂ ਨੇ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਦੀ ਨਿਯਮਤ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਮਿਆਦ ਪੁੱਗ ਚੁੱਕੇ ਸਮਾਨਾਂ ਦਾ ਨਿਪਟਾਰਾ ਕਰਨ, ਗੁਣਵੱਤਾ ਵਾਲੇ ਉਤਪਾਦ ਵੇਚਣ ਅਤੇ ਜਮ੍ਹਾਂਖੋਰੀ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਖ਼ਤੀ ਨਾਲ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ, ਜਿੰਨੀ ਵਾਰ ਹੋ ਸਕੇ 20 ਸੈਕਿੰਡ ਲਈ ਹੱਥ ਧੋਣ।