ਚੰਡੀਗੜ੍ਹ: ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਚਰਨਜੀਤ ਚੰਨੀ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਸੰਭਾਲਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਉਨ੍ਹਾਂ ਨਾਲ ਇਹ ਪਹਿਲੀ ਮੁਲਾਕਾਤ ਹੈ।
ਦੂਜੇ ਪਾਸੇ, ਬੀਤੇ ਦਿਨ ਐਤਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਇੱਕਠੇ ਹੋਏ ਹਨ। ਇਹ ਤਸਵੀਰ ਖੁਦ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਤੋਂ ਸ਼ੇਅਰ ਕੀਤੀ ਸੀ।
ਦੱਸ ਦਈਏ ਕਿ ਹਾਰ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਤੋਂ ਅਸਤੀਫ਼ਾ ਮੰਗ ਲਿਆ ਸੀ ਜਿਸ ਦੇ ਅਗਲੇ ਦਿਨ ਸਿੱਧੂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ। ਹੁਣ ਸਿੱਧੂ ਦੇ ਘਰ ਪਾਰਟੀ ਆਗੂਆਂ ਦੇ ਇੱਕਠੇ ਹੋਣ ਨੇ ਨਵੀਂ ਚਰਚਾ ਵੀ ਸੁਰਖੀਆਂ ਵਿੱਚ ਹੈ।
ਜੇਕਰ ਗੱਲ ਅਕਾਲੀ ਦਲ ਦੀ ਵੀ ਕਰੀਏ ਤਾਂ, ਬੀਤੇ ਦਿਨ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਡਰੱਗ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ (SIT) ਦਾ ਮੁੜ ਗਠਨ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਮੱਦੇਨਜ਼ਰ, ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਸ਼ਾਮਲ ਕੀਤੇ ਗਏ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐਸ ਅਤੇ ਰਣਜੀਤ ਸਿੰਘ ਤੋਂ ਇਲਾਵਾ ਦੋ ਡੀਐਸਪੀ ਰੈਂਕ ਦੇ ਅਧਿਕਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ: 'ਆਪ' ਵਲੋਂ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ, ਇੰਨ੍ਹਾਂ ਚਿਹਰਿਆਂ 'ਤੇ ਖੇਡਿਆ ਦਾਅ