ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਇਕ ਵਾਰ ਮੁੜ ਵਿਜੀਲੈਂਸ ਅਧਿਕਾਰੀਆਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਵਿਜੀਲੈਂਸ ਜਾਂਚ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤੀਜੀ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਜਾਂਚ ਟੀਮ ਨੇ ਚੰਨੀ ਤੋਂ ਉਸ ਦੀ ਸਾਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ।
ਇਸ ਤੋਂ ਪਹਿਲਾਂ ਵੀ ਵਿਜੀਲੈਂਸ ਟੀਮ ਨੇ ਕੀਤੀ ਪੁੱਛਗਿਛ: ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਾਂਗਰਸੀ ਆਗੂ ਚੰਨੀ ਜਾਇਦਾਦ ਸਬੰਧੀ ਦਸਤਾਵੇਜ਼ ਲੈ ਕੇ ਵਿਜੀਲੈਂਸ ਟੀਮ ਦੇ ਸਾਹਮਣੇ ਆਏ ਸਨ। ਪਰ ਵਿਜੀਲੈਂਸ ਉਸ ਵੱਲੋਂ ਦਿੱਤੀ ਸੂਚਨਾ ਤੋਂ ਸੰਤੁਸ਼ਟ ਨਹੀਂ ਸੀ। ਇਹੀ ਕਾਰਨ ਹੈ ਕਿ ਜਾਂਚ ਟੀਮ ਨੇ ਚੰਨੀ ਤੋਂ ਉਸ ਦੀ ਸਾਰੀ ਜਾਇਦਾਦ ਦੇ ਵੇਰਵੇ ਮੰਗੇ ਹਨ। ਮੰਨਿਆ ਜਾ ਰਿਹਾ ਹੈ ਕਿ ਚੰਨੀ ਤੋਂ ਗੋਆ 'ਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਪੁੱਛਗਿੱਛ ਹੋ ਸਕਦੀ ਹੈ। ਜੋ ਕਿ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਹੀ ਲੀਜ਼ 'ਤੇ ਦਿੱਤਾ ਗਿਆ ਸੀ।
ਚੰਨੀ ਨੇ ਅਪਣੀ ਜਾਨ ਨੂੰ ਖ਼ਤਰਾ ਦੱਸਿਆ: ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ 'ਤੇ ਚੰਨੀ ਨੇ ਆਪਣੇ ਕਤਲ ਦਾ ਖਦਸ਼ਾ ਪ੍ਰਗਟਾਇਆ ਸੀ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਪੰਜਾਬ ਦੀ ਮਾਣਯੋਗ ਸਰਕਾਰ ਉਸ ਨੂੰ ਪ੍ਰੇਸ਼ਾਨ ਕਰ ਰਹੀ ਹੈ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇੱਥੋਂ ਤੱਕ ਕਿ ਉਸ ਨੂੰ ਮਾਰਿਆ ਵੀ ਜਾ ਸਕਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਇਲਜ਼ਾਮ ਲਗਾਇਆ ਹੈ। ਪਰ, ਚੰਨੀ ਨੇ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਦਲਿਤ ਭਾਈਚਾਰੇ ਦੀਆਂ ਉਮੀਦਾਂ ’ਤੇ ਖਰੀ ਉਤਰਨ ਵਿੱਚ ਨਾਕਾਮ ਰਹੀ ਹੈ।
ਚੰਨੀ ਦਾ ਲੁੱਕਆਊਟ ਨੋਟਿਸ ਜਾਰੀ ਕੀਤਾ:ਚੰਨੀ ਦੇ ਵਿਦੇਸ਼ ਜਾਣ ਬਾਰੇ ਸੁਰਾਗ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 7 ਮਾਰਚ ਨੂੰ ਚੰਨੀ ਵਿਰੁੱਧ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਚੰਨੀ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਮਰੀਕਾ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
ਵਿਜੀਲੈਂਸ ਵੱਲੋਂ ਚੰਨੀ, ਉਨ੍ਹਾਂ ਦੇ ਭਰਾਵਾਂ ਅਤੇ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਦੀ ਜਾਂਚ ਕੀਤੀ ਗਈ ਸੀ। ਦਰਅਸਲ, ਵਿਜੀਲੈਂਸ ਨੂੰ ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਕੁਝ ਠੇਕੇਦਾਰਾਂ ਨੂੰ ਬੇਲੋੜਾ ਲਾਭ ਦੇਣ ਬਾਰੇ ਵੀ ਸੂਚਨਾ ਮਿਲੀ ਸੀ।