ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਖਿਲਾਫ ਚੱਲ ਰਹੀ ਵਿਜੀਲੈਂਸ ਜਾਂਚ ਦੌਰਾਨ ਸੰਭਾਵੀ ਗ੍ਰਿਫਤਾਰੀ ਦੇ ਡਰੋਂ ਅਦਾਲਤ ਦਾ ਰੁਖ ਕੀਤਾ ਹੈ ਅਤੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਦਰਾਅਸਰ ਬਠਿੰਡਾ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿੱਚ ਚੱਲ ਰਹੀ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਵਕੀਲ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ ਤਾਂ ਜੋ ਇਸ ਮਾਮਲੇ ਵਿੱਚ ਸੰਭਾਵੀ ਗ੍ਰਿਫ਼ਤਾਰੀ ਤੋਂ ਬਚਿਆ ਜਾ ਸਕੇ।
ਮੁੱਖ ਮੰਤਰੀ ਮਾਨ ਉੱਤੇ ਲਗਾਏ ਸਿਆਸੀ ਰੰਜਿਸ਼ ਦੇ ਇਲਜ਼ਾਮ:ਦਰਾਅਸਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਰੰਜਿਸ਼ ਦੇ ਇਲਜ਼ਾਮ ਲਗਾਏ ਹਨ ਤੇ ਕਿਹਾ ਹੈ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਮਨਪ੍ਰੀਤ ਬਾਦਲ ਨੇ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਦੀ ਵੀਡੀਓ ਵੀ ਨੱਥੀ ਕੀਤੀ ਹੈ, ਜਿਸ ਵਿੱਚ ਮੁੱਖ ਮੰਤਰੀ ਮਾਨ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕਰਨ ਦਾ ਦਾਅਵਾ ਕਰ ਰਿਹਾ ਹੈ।
ਇਹ ਹੈ ਮਾਮਲਾ:ਦੱਸ ਦਈਏ ਕਿ ਵਿਜੀਲੈਂਸ ਮਨਪ੍ਰੀਤ ਬਾਦਲ ਵੱਲੋਂ ਕਾਂਗਰਸ ਸਰਕਾਰ ਸਮੇਂ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਦੇ ਮਾਡਲ ਟਾਊਨ ਵਿੱਚ 1500 ਗਜ਼ ਦਾ ਪਲਾਟ ਖਰੀਦਣ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ 'ਚ ਦਾਇਰ ਇਸ ਪਟੀਸ਼ਨ 'ਚ ਦਾਅਵਾ ਕੀਤਾ ਗਿਆ ਹੈ ਕਿ ਸ਼ਿਕਾਇਤਕਰਤਾ ਸਰੂਪ ਸਿੰਗਲਾ ਨੇ ਪਲਾਟ ਦੀ ਖਰੀਦ 'ਚ ਧੋਖਾਧੜੀ ਦੀ ਸ਼ਿਕਾਇਤ ਲੋਕਪਾਲ ਪੰਜਾਬ ਨੂੰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਲੋਕਪਾਲ ਪੰਜਾਬ ਵੱਲੋਂ ਰੱਦ ਕੀਤੀ ਗਈ ਪਟੀਸ਼ਨ ਦੇ ਆਧਾਰ 'ਤੇ ਮਨਪ੍ਰੀਤ ਸਿੰਘ ਬਾਦਲ ਨੇ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਨੂੰ ਫਸਾਉਣ ਲਈ ਜਾਂਚ ਕੀਤੀ ਜਾ ਰਹੀ ਹੈ, ਜਦਕਿ ਬੀਡੀਏ ਵੱਲੋਂ ਚਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪਲਾਟਾਂ ਦੀ ਨਿਲਾਮੀ ਲਈ ਇਸ਼ਤਿਹਾਰ ਦਿੱਤਾ ਗਿਆ ਸੀ ਅਤੇ ਇਨ੍ਹਾਂ ਪਲਾਟਾਂ ਦੀ ਬੋਲੀ ਆਨਲਾਈਨ ਕੀਤੀ ਗਈ ਸੀ। ਜਿਸ ਵਿੱਚ ਕੋਈ ਵੀ ਹਿੱਸਾ ਨਹੀਂ ਲੈ ਸਕਿਆ।
26 ਸਤੰਬਰ ਨੂੰ ਹੋਵੇਗੀ ਸੁਣਵਾਈ: ਪਟੀਸ਼ਨ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਨਿਯਮਾਂ ਅਨੁਸਾਰ ਪਲਾਟ ਖਰੀਦੇ ਹਨ। ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਰਜ਼ੀ ਸੁਣਵਾਈ ਲਈ ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ਵਿੱਚ ਭੇਜ ਦਿੱਤੀ ਹੈ, ਜਿਸ ਲਈ ਵਿਜੀਲੈਂਸ ਨੂੰ 26 ਸਤੰਬਰ ਲਈ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਹੁਣ ਮਾਮਲੇ ਸਬੰਧੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।