ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਾਜਨ ਗਿੱਲ ਉਰਫ ਗੱਬਰ (Gangster Sajan Gill)ਵਾਸੀ ਫਤਿਹ ਨੰਗਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜਲੰਧਰ ਦੀ ਖਾਂਬਰਾ ਕਲੋਨੀ ਵਿੱਚ ਰਹਿੰਦਾ ਹੈ।
ਪੈਨ ਇੰਡੀਆ ਆਪਰੇਸ਼ਨ:ਇਹ ਕਾਰਵਾਈ ਏਜੀਟੀਐਫ ਵੱਲੋਂ ਪੈਨ ਇੰਡੀਆ ਆਪਰੇਸ਼ਨ ਤਹਿਤ ਗੈਂਗਸਟਰ ਸੋਨੂੰ ਖੱਤਰੀ ਗੈਂਗ ਦੇ ਤਿੰਨ ਮੁੱਖ ਸ਼ੂਟਰਾਂ ਨੂੰ ਵਿਦੇਸ਼ੀ .32 ਬੋਰ ਦੇ ਤਿੰਨ ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਕੀਤੀ ਗਈ ਹੈ। ਦੋਸ਼ੀ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਬਾਕੀ ਦੋ ਦੋਸ਼ੀਆਂ ਜਸਕਰਨ ਸਿੰਘ ਉਰਫ ਜੱਸੀ ਅਤੇ ਜੋਗਰਾਜ ਸਿੰਘ ਉਰਫ ਜੋਗਾ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ।