ਪੰਜਾਬ

punjab

ETV Bharat / state

ਮੰਤਰੀ ਜਿੰਪਾ ਦਾ ਬਿਆਨ, ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦਿਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ - ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ

ਸੂਬੇ ਦੀ ਮਾਨ ਸਰਕਾਰ ਵਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ 'ਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰ ਨਿਯੁਕਤੀ ਪੱਤਰ ਦੇ ਰਹੀ ਹੈ, ਜਿਸ ਤੋਂ ਵਧੀਆ ਦਿਵਾਲੀ ਤੋਹਫ਼ਾ ਹੋਰ ਕੋਈ ਨਹੀਂ ਹੋ ਸਕਦਾ।

Diwali Gift For Youth
Diwali Gift For Youth

By ETV Bharat Punjabi Team

Published : Nov 11, 2023, 8:54 PM IST

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦਿਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਹੁਣ ਤੱਕ ਕੁੱਲ 37,683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦੀ ਨੌਕਰੀਆਂ ਦੇਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਬਹੁਤ ਜ਼ਿਆਦਾ ਸਹਾਈ ਸਿੱਧ ਹੋਵੇਗੀ।

ਵਾਅਦਾ ਨਿਭਾਉਂਦੀ ਆ ਰਹੀ ਸਰਕਾਰ: ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪੰਜਾਬ ਦੇ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਅਤੇ ਨੌਜਵਾਨੀ ਨਿਰਾਸ਼ਾ ਦੇ ਆਲਮ ਵਿਚ ਸੀ। ਇਹੀ ਕਾਰਣ ਹੈ ਕਿ ਪੰਜਾਬ ਵਿਚੋਂ ਮੁੰਡੇ-ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੀ ਸਾਰ ਹੀ ਐਲਾਨ ਕੀਤਾ ਸੀ ਕਿ ਪੜ੍ਹੇ-ਲਿਖੇ ਅਤੇ ਯੋਗ ਮੁੰਡੇ-ਕੁੜੀਆਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਉਹ ਆਪਣਾ ਇਹ ਵਾਅਦਾ ਲਗਾਤਾਰ ਨਿਭਾਉਂਦੇ ਆ ਰਹੇ ਹਨ।

ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ:ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪਹਿਲਾਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਮਿਲਣਾ ਇੱਕ 'ਦੂਰ ਦੇ ਸੁਪਨੇ' ਵਾਂਗ ਸਨ ਜਦਕਿ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ।

‘ਕੱਚਾ’ ਸ਼ਬਦ ਹਟਾਉਣ ਦੀ ਪ੍ਰਾਪਤੀ : ਜਿੰਪਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਅੱਗਿਓਂ ‘ਕੱਚਾ’ ਸ਼ਬਦ ਹਟਾਉਣ ਦੀ ਪ੍ਰਾਪਤੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਹੀ ਆਈ ਹੈ। ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12,710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਿਰਆ ਪਹਿਲਾਂ ਹੀ ਜਾਰੀ ਹੈ।

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਯਤਨ: ਜਿੰਪਾ ਨੇ ਇਸ ਗੱਲੋਂ ਵੀ ਮੁੱਖ ਮੰਤਰੀ ਦੀ ਤਾਰੀਫ ਕੀਤੀ ਕਿ ਉਹ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਪੂਰੇ ਕਰਨ ਲਈ ਸਾਰਥਕ ਤੇ ਸੁਹਿਰਦ ਯਤਨ ਕਰ ਰਹੇ ਹਨ। ਜਿੰਪਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸਾਰੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਮੁੱਖ ਮੰਤਰੀ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ।

ABOUT THE AUTHOR

...view details