ਚੰਡੀਗੜ੍ਹ: ਝੋਨੇ ਦੀ ਸਰਕਾਰੀ ਲਵਾਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਾਅਦਾ ਕੀਤਾ ਹੈ ਕਿ ਉਹ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦਾ ਪ੍ਰਬੰਧ ਕਰਨਗੇ।
ਕੈਪਟਨ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਹੈ, ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇ ਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿੱਚ ਮਹਾਂਮਾਰੀ ਦੇ ਵੱਧ ਖਤਰਿਆਂ ਨੂੰ ਵੇਖਦਿਆਂ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕਰ ਰਹੀ ਹੈ।