ਪੰਜਾਬ

punjab

ETV Bharat / state

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਨੌਜਵਾਨਾਂ ਨੂੰ ਯੂਪੀਐਸਸੀ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਦੌਰਾਨ ਦੱਸਿਆ ਹੈ ਕਿ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਯੂਪੀਐਸਸੀ ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਰਾਜ ਵਿੱਚ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਤ ਕਰਨ ਬਾਰੇ ਵਿਚਾਰ-ਚਰਚਾ ਕੀਤੀ ਹੈ।

Government will open eight Training centers to provide free coaching to the youth for UPSC exams
ਨੌਜਵਾਨਾਂ ਨੂੰ ਯੂਪੀਐਸਸੀ ਪ੍ਰੀਖਿਆਵਾਂ ਦੀ ਮੁਫ਼ਚ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰ

By

Published : Jul 22, 2023, 8:43 PM IST

ਚੰਡੀਗੜ੍ਹ :ਆਈਏਐਸ/ਆਈਪੀਐਸ/ਆਈਆਰਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਰਾਜ ਵਿੱਚ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਤ ਕਰਨ ਬਾਰੇ ਵਿਚਾਰ-ਚਰਚਾ ਕੀਤੀ।

ਮੁੱਖ ਮੰਤਰੀ ਨੇ ਯੂਪੀਐਸਸੀ ਪ੍ਰੀਖਿਆਵਾਂ ਵਿੱਚ ਸੂਬੇ ਦੇ ਘਟਦੇ ਅਨੁਪਾਤ 'ਤੇ ਪ੍ਰਗਟਾਈ ਚਿੰਤਾ :ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਸੇਵਾਵਾਂ ਖਾਸ ਕਰਕੇ ਯੂਪੀਐਸਸੀ ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿੱਚ ਸੂਬੇ ਦੇ ਘਟਦੇ ਅਨੁਪਾਤ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬੇਮਿਸਾਲ ਪ੍ਰਤਿਭਾ ਹੋਣ ਦੇ ਬਾਵਜੂਦ ਪਹਿਲਾਂ ਤਾਂ ਵਿਦੇਸ਼ ਜਾਣ ਵੱਲ ਝੁਕਾਅ ਹੋਣ ਕਾਰਨ ਅਤੇ ਦੂਜਾ ਸੂਬੇ ਵਿੱਚ ਮਿਆਰੀ ਕੋਚਿੰਗ ਦੀ ਘਾਟ ਕਾਰਨ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਨਹੀਂ ਕਰ ਪਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਬਦਲਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਭਰ ਵਿੱਚ ਇਹ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ।

ਯੂਪੀਐਸਸੀ ਦੀਆਂ ਪ੍ਰੀਖਿਆਵਾਂ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ :ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂਪੀਐਸਸੀ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫ਼ਤ ਮਿਆਰੀ ਸਿਖਲਾਈ ਦੇਣਗੇ ਅਤੇ ਸੂਬਾ ਤੇ ਕੇਂਦਰ ਸਰਕਾਰ ਦੋਵਾਂ ਵਿੱਚ ਉੱਚ ਅਹੁਦਿਆਂ 'ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ, ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ, ਜਿਸ ਲਈ ਇਹ ਕੇਂਦਰ ਅਹਿਮ ਭੂਮਿਕਾ ਨਿਭਾਉਣਗੇ।

ਹਰ ਵਰਗ ਲਈ ਮੁਫਤ ਹੋਵੇਗੀ ਸਿਖਲਾਈ :ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਹ ਕੇਂਦਰ ਖੋਲ੍ਹਣ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬੀ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਮਾਜ ਦੇ ਹਰ ਵਰਗ ਦੇ ਇੱਛੁਕ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕੋਚਿੰਗ ਸੈਂਟਰਾਂ ਵਿੱਚ ਦਾਖਲੇ ਦੀ ਰੂਪ-ਰੇਖਾ ਅਤੇ ਉਨ੍ਹਾਂ ਵਿੱਚ ਪੇਸ਼ੇਵਰ, ਸਮਰਪਿਤ ਅਤੇ ਕਾਬਲ ਸਟਾਫ਼ ਦੀ ਭਰਤੀ ਕਰਨ ਲਈ ਕਿਹਾ।

ਨੌਜਵਾਨਾਂ ਨੂੰ ਵਿੱਤੀ ਸਹਾਇਤਾ ਵੀ ਦੇਵੇਗੀ ਸਰਕਾਰ :ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਰੈਗੂਲਰ ਸਿਖਲਾਈ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਵਿੱਚ ਯੂਪੀਐਸਸੀ ਪ੍ਰੀਖਿਆਵਾਂ ਪਾਸ ਕਰਨ ਦੇ ਚਾਹਵਾਨਾਂ ਲਈ ਆਨਲਾਈਨ ਸਿਖਲਾਈ ਸ਼ੁਰੂ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਦਾਖਲਾ ਲੈਣ ਵਾਲੇ ਚਾਹਵਾਨਾਂ ਨੂੰ ਸਿਖਲਾਈ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰਨ ਵਾਲੇ ਵਧੀਆ ਨੌਕਰਸ਼ਾਹ ਪੈਦਾ ਕਰੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਹਾਜ਼ਰ ਸਨ।

ABOUT THE AUTHOR

...view details