ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਜਿਹਨਾਂ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ। ਆਪਣੇ ਦੌਰੇ ਦੇ ਦੂਜੇ ਦਿਨ ਅੱਜ ਉਹ ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਦੇ ਦੌਰਾ ਉੱਤੇ ਹਨ। ਇਸ ਦੌਰਾਨ ਉਹ ਸਰਹੱਦ ਨੇੜੇ ਰਹਿੰਦੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਤੇ ਉਹਨਾਂ ਦੀਆਂ ਮੁਸ਼ਕਲਾਂ ਵੀ ਸੁਣ ਰਹੇ ਹਨ।
ਪਾਕਿਸਤਾਨ ਸਰਹੱਦ ਨੂੰ ਸੁਰੱਖਿਅਤ ਕਰਨਾ ਜ਼ਰੂਰੀ:ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਮੇਰਾ ਸਰਹੱਦੀਆਂ ਇਲਾਕਿਆਂ ਦਾ ਦੌਰਾ ਕਰਨ ਦਾ ਮੁੱਖ ਮਕਸਦ ਪਾਕਿਸਤਾਨ ਸਰਹੱਦ ਨੂੰ ਸੁਰੱਖਿਅਤ ਕਰਨਾ ਹੈ। ਉਹਨਾਂ ਨੇ ਕਿਹਾ ਕਿ ਦੌਰਾ ਕਰਨ ਨਾਲ ਲੋਕਾਂ ਨਾਲ ਸੰਪਰਕ ਹੁੰਦਾ ਹੈ, ਜਿਸ ਨਾਲ ਲੋਕਾਂ ਦੀ ਰਾਏ ਵੀ ਮਿਲ ਜਾਂਦੀ ਹੈ। ਰਾਜਪਾਲ ਨੇ ਕਿਹਾ ਕਿ ਪਾਕਿਸਾਤਨ ਸਾਡੇ ਨਾਲ ਬਹੁਤ ਨਾਪਾਕ ਹਰਕਤ ਕਰ ਰਿਹਾ ਹੈ, ਉਹਨਾਂ ਨੇ ਕਿਹਾ ਕਿ ਪਾਕਿਸਤਾਨ ਸਾਡੇ ਦੇਸ਼ ਵਿੱਚ ਨਸ਼ਾ ਤੇ ਹਥਿਆਰ ਭੇਜ ਹਿਡਨ ਯੁੱਧ ਹੀ ਕਰ ਰਿਹਾ ਹੈ, ਕਿਉਂਕਿ ਸਿੱਧਾ ਯੁੱਧ ਕਰਨ ਦੀ ਉਸ ਦੀ ਹਿੰਮਤ ਨਹੀਂ ਹੈ।
ਪਾਕਿਸਤਾਨ ਤੋਂ ਭਾਰੀ ਮਾਤਰਾ ਵਿੱਚ ਆ ਰਿਹਾ ਨਸ਼ਾ:ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਪਾਕਿਸਤਾਨ ਤੋਂ ਅਜੇ ਵੀ ਭਾਰੀ ਮਾਤਰਾ ਵਿੱਚ ਨਸ਼ਾ ਸਪਲਾਈ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ ਤੇ ਇੱਕ ਸਾਲ ਦੇ ਅੰਦਰ-ਅੰਦਰ ਇਸ ਦੀ ਮਾਤਰਾ ਘੱਟ ਕਰਨ ਦੀ ਕੋਸ਼ਿਸ਼ ਰਹੇਗੀ। ਉਹਨਾਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਪਿੰਡਾਂ ਵਿੱਚ ਸੁਰੱਖਿਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਜੋ ਇਸ ਉੱਤੇ ਨਜ਼ਰ ਰੱਖਣਗੀਆਂ। ਰਾਜਪਾਲ ਨੇ ਕਿਹਾ ਕਿ ਸੁਰੱਖਿਆ ਕਮੇਟੀਆਂ ਇਸ ਸਬੰਧੀ ਕੰਮ ਵੀ ਚੰਗੀ ਢੰਗ ਨਾਲ ਕਰ ਰਹੀਆਂ ਹਨ।