ਚੰਡੀਗੜ੍ਹ ਡੈਸਕ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਕਾਰਵਾਈ ਕਰਨ ਦੀ ਪੰਜਾਬ ਸਰਕਾਰ ਨੂੰ ਸਖ਼ਤ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ। ਮੁਲਜ਼ਮ ਮੰਤਰੀ ਨੂੰ ਮੰਤਰੀ ਮੰਡਲ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਇਸ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਬਿਆਨ ਰਾਜਪਾਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਕੀਤੀ ਮੀਟਿੰਗ ਦੌਰਾਨ ਦਿੱਤਾ।
ਭਗਵੰਤ ਮਾਨ ਨੇ ਕਾਰਵਾਈ ਲਈ ਕਿਹਾ ਸੀ, ਪਰ ਸਰਕਾਰ ਦੀ ਸਥਿਤੀ ਹਾਲੇ ਸਪੱਸ਼ਟ ਨਹੀਂ :ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਮੁਲਜ਼ਮ ਮੰਤਰੀ ਦੇ ਖਿਲਾਫ ਦੁਬਾਰਾ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਮੀਡੀਆ ਰਾਹੀਂ ਵੀ ਕਾਰਵਾਈ ਦੀ ਮੰਗ ਕਰਦੇ ਹਨ। ਦਰਅਸਲ, ਰਾਜਪਾਲ ਕਟਾਰੂਚੱਕ ਦੀ ਕਥਿਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਤੋਂ ਹੀ ਸੀਐਮ ਮਾਨ ਉਨ੍ਹਾਂ ਨੂੰ ਕਾਰਵਾਈ ਕਰਨ ਲਈ ਕਹਿ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ, ਜੋ ਇਸ ਦੀ ਜਾਂਚ ਕਰ ਰਹੀ ਹੈ।