ਅੱਤਵਾਦ ਪ੍ਰਭਾਵਿਤ ਲੋਕਾਂ ਤੇ 1984 ਦੇ ਦੰਗਾ ਪੀੜਤਾਂ ਨੂੰ ਵੱਡੀ ਰਾਹਤ - punjab
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਅੱਤਵਾਦ ਪ੍ਰਭਾਵਿਤ ਲੋਕਾਂ ਅਤੇ 1984 ਦੇ ਦੰਗਾ ਪੀੜਤਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਰਬਨ ਅਸਟੇਟ/ਨਗਰ ਸੁਧਾਰ ਟਰੱਸਟ/ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਆਦਿ ਵੱਲੋਂ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਲਈ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਪੰਜ ਫ਼ੀਸਦੀ ਰਾਖਾਵਾਂਕਰਨ ਦੀ ਸਹੂਲਤ ਹੋਰ ਪੰਜ ਸਾਲਾਂ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ।
ਫ਼ਾਇਲ ਫ਼ੋਟੋ
ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਨੀਤੀ ਦੀ ਮਿਆਦ 31 ਦਸੰਬਰ, 2016 ਨੂੰ ਪੁੱਗ ਗਈ ਸੀ ਜਿਸ ਨੂੰ ਹੁਣ 31 ਦਸੰਬਰ, 2021 ਤੱਕ ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਸਬੰਧ ਵਿੱਚ ਦੰਗਾ ਪੀੜਤ ਕਮੇਟੀ, ਬਰਨਾਲਾ ਅਤੇ ਸੰਗਰੂਰ ਦੀ ਮੰਗ ਨੂੰ ਵਿਚਾਰਦਿਆਂ ਦੰਗਾ ਪੀੜਤਾਂ ਅਤੇ ਅੱਤਵਾਦ ਪ੍ਰਭਾਵਿਤ ਲੋਕਾਂ ਦੇ ਹਿੱਤ ਵਿੱਚ ਮਹੱਤਵਪੂਰਨ ਫ਼ੈਸਲਾ ਲਿਆ ਹੈ।