ਚੰਡੀਗੜ੍ਹ:ਪੰਜਾਬ ਪੁਲਿਸ ਨੇ ਇੱਕ ਮਾਮਲੇ ਵਿੱਚ ਲੋੜੀਂਦੇ ਤਿੰਨ ਹਾਈ ਪ੍ਰੋਫਾਇਲ ਡਰੱਗ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਇਨ੍ਹਾਂ ਤਿੰਨੋਂ ਤਸਕਰਾਂ ਨੂੰ ਨਾਕਾਬੰਦੀ ਦੌਰਾਨ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁੰਬਈ ਵਿੱਚ 72 ਕਿਲੋ 500 ਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਕਾਬੂ ਕੀਤੇ ਗਏ ਨਸ਼ਾ ਤਸਕਰ ਨਾਮਜ਼ਦ ਸੀ।
3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ: ਪੰਜਾਬ ਦੇ ਡੀਜੀਪੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਗੁਰਦਾਸਪੁਰ ਪੁਲਿਸ ਨੇ 72.5 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦੇ 3 ਹਾਈ ਪ੍ਰੋਫਾਈਲ ਡਰੱਗ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਡਰੱਗ ਸਮੱਗਲਰਾਂ ਵੱਡੇ ਪੱਧਰ ’ਤੇ ਪੰਜਾਬ ਵਿੱਚ ਸਰਹੱਦ ਪਾਰ ਅਤੇ ਅੰਤਰਰਾਜੀ ਨਸ਼ੀਲੀ ਦਵਾਈਆਂ ਦੀ ਤਸਕਰੀ ਵਿੱਚ ਸ਼ਾਮਲ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਵਚਨਬੱਧ ਹਨ।
ਨਾਕੇਬੰਦੀ ਦੌਰਾਨ ਕੀਤਾ ਗਿਆ ਕਾਬੂ: ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਸੇਵਕ ਸਿੰਘ ਪਿੰਡ ਪੰਡੋਰੀ ਗੁਰਦਾਸਪੁਰ, ਮਨਜੀਤ ਸਿੰਘ ਪਿੰਡ ਮਾਵਾ ਅਤੇ ਗੁਰਵਿੰਦਰ ਸਿੰਘ ਪਿੰਡ ਪੰਡੋਰੀ ਥਾਣਾ ਲੋਪੋਕੇ ਦਾ ਰਹਿਣ ਵਾਲੇ ਹਨ। ਇਹਨਾਂ ਤਿੰਨਾਂ ਨੂੰ ਗੁਰਦਾਸਪੁਰ ਸੀਆਈਏ ਸਟਾਫ ਨੇ ਨਾਕੇਬੰਦੀ ਦੌਰਾਨ ਕੀਤੀ ਜਾ ਰਹੀ ਚੈਕਿੰਗ ਦੌਰਾਨ ਕਾਬੂ ਕੀਤਾ ਹੈ। ਗ੍ਰਿਫਤਾਰੀ ਦੇ ਦੌਰਾਨ ਪੁਲਿਸ ਨੂੰ ਇਨ੍ਹਾਂ ਕੋਲੋਂ 32 ਬੋਰ ਅਤੇ 12 ਰੌਂਦ ਵੀ ਬਰਾਮਦ ਕੀਤੇ ਹਨ। ਇਹ ਤਿੰਨੋਂ ਥਾਰ ਗੱਡੀ ਉੱਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਗੁਰਦਾਸਪੁਰ ਨੂੰ ਆ ਰਹੇ ਸੀ।
ਤਸਕਰਾਂ ਕੋਲੋਂ ਹਥਿਆਰ ਅਤੇ ਕਾਰਤੂਸ ਬਰਾਮਦ:ਮਾਮਲੇ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਗੁਰਦਾਸਪੁਰ ਦੇ ਧਾਰੀਵਾਲ ਖੇਤਰ ਵਿੱਚ ਅੰਮ੍ਰਿਤਸਰ-ਜੰਮੂ ਹਾਈਵੇਅ 'ਤੇ ਇੱਕ ਐਸਯੂਵੀ ਮਹਿੰਦਰਾ ਥਾਰ ਨੂੰ ਰੋਕ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਰਿਵਾਲਵਰ ਸਮੇਤ 9 ਐਮਐਮ ਦੇ 6 ਜਿੰਦਾ ਕਾਰਤੂਸ ਅਤੇ 32 ਬੋਰ ਦੇ 6 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਮੁੰਬਈ ਪੁਲਿਸ ਨੇ ਕੀਤਾ ਸੀ ਖੇਪ ਮੰਗਵਾਉਣ ਵਾਲੇ ਮੁਲਜ਼ਮ ਕਾਬੂ: ਇਸ ਤੋਂ ਪਹਿਲਾਂ ਮੁੰਬਈ ਏਟੀਐਸ ਨੇ ਖੇਪ ਮੰਗਵਾਉਣ ਵਾਲੇ ਮੁਲਜ਼ਮ ਹਰਸਿਮਰਨ ਸੇਠੀ ਅਤੇ ਉਸ ਦੇ ਸਹਾਇਕ ਮਹਿੰਦਰ ਸਿੰਘ ਰਾਠੌਰ, ਜੋ ਕਲੀਅਰਿੰਗ ਏਜੰਟ ਵਜੋਂ ਕੰਮ ਕਰ ਰਿਹਾ ਸੀ, ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ, ਮੁੰਬਈ ਏਟੀਐਸ ਨੇ ਇਨ੍ਹਾਂ ਤਿੰਨੋਂ ਗ੍ਰਿਫਤਾਰ ਵਿਅਕਤੀਆਂ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ ਅਤੇ ਮਨਜੀਤ ਸਿੰਘ ਨੂੰ ਨਾਮਜ਼ਦ ਕੀਤਾ ਜੋਕਿ ਕੰਟੇਨਰ ਦੇ ਪ੍ਰਾਪਤਕਰਤਾ ਸਨ ਅਤੇ ਉਹ ਇਸ ਸਬੰਧ ਵਿੱਚ ਦਿੱਲੀ ਵੀ ਗਏ ਸਨ।
ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ:ਐਸਐਸਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਵੀ ਲੋੜੀਂਦੇ ਹਨ, ਜਿਸ ਵਿੱਚ ਉਨ੍ਹਾਂ ਨੇ ਅਕਤੂਬਰ 2020 ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਪਾਰਟੀ ’ਤੇ ਗੋਲੀਬਾਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਆਈਪੀਸੀ ਦੀਆਂ ਧਾਰਾਵਾਂ 307, 353, 186 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਅੰਮ੍ਰਿਤਸਰ ਦੇ ਥਾਣਾ ਲੋਪੋਕੇ ਵਿਖੇ ਇਸ ਸਬੰਧੀ ਪਹਿਲਾਂ ਹੀ ਕੇਸ ਦਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜੋ:ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਉੱਤੇ ਸਰਕਾਰ ਸਖਤ, 201 ਕਿਸਾਨਾਂ ਨੂੰ ਕੀਤਾ ਜ਼ੁਰਮਾਨਾ !