ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ, ਬਿਮਾਰੀ ਰਹਿਤ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰੇ ਸਿਵਲ ਸਰਜਨਾਂ ਨੂੰ ਵਾਤਾਵਰਣ ਸਬੰਧੀ ਵੱਖ-ਵੱਖ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਸਿਹਤ ਸੰਸਥਾਵਾਂ (ਸਰਕਾਰੀ ਜਾਂ ਪ੍ਰਾਇਵੇਟ) ਦੇ ਇੰਚਾਰਜ ਦੀ ਡਿਊਟੀ ਬਣਦੀ ਹੈ ਕਿ ਉਹ ਹਰ ਤਰ੍ਹਾਂ ਦੀ ਰਹਿੰਦ-ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ।
ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ 30 ਜੂਨ, 2020 ਤੱਕ ਈਟੀਪੀ (ਐਫਲੂਐਂਟ ਟਰੀਟਮੈਂਟ ਪਲਾਂਟ) ਸਥਾਪਤ ਕਰਨ ਦੇ ਨਿਰਦੇਸ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਫਲੂਐਂਟ ਟਰੀਟਮੈਂਟ ਪਲਾਂਟ ਲਗਾਉਣ ਸਬੰਧੀ ਗਤੀਵਿਧੀਆਂ ਲਈ ਸਿਵਲ ਸਰਜਨਾਂ ਨੂੰ ਪੀਈਆਰਟੀ (ਪ੍ਰੋਗਰਾਮ ਈਵੈਲੂਏਸ਼ਨ ਐਂਡ ਰੀਵਿਊ ਟੈਕਨੀਕਸ) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਹਨਾਂ ਅੱਗੇ ਕਿਹਾ ਕਿ ਹਸਪਤਾਲਾਂ ਵਿੱਚ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਜਲਦ ਹੀ ਵਾਟਰ ਮੀਟਰ ਵੀ ਲਗਾਏ ਜਾਣਗੇ।