ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਤੇ ਕਿਸਾਨਾਂ ਦੇ ਸਾਹ ਸੁੱਕ ਦਿੱਤੇ ਹਨ। ਜਿਸ ਕਰਕੇ ਹੁਣ ਜੁਲਾਈ ਮਹੀਨੇ ਦਾ ਕੋਟਾ ਲੱਗਦਾ ਮਹਿਜ 8 ਦਿਨਾਂ ਵਿੱਚ ਹੀ ਪੂਰਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਇੱਕ ਜੂਨ ਤੋਂ ਲੈ ਕੇ 8 ਜੁਲਾਈ ਤੱਕ 140 ਮਿਲੀ ਮੀਟਰ ਮੀਂਹ ਪਿਆ ਹੈ। ਇਸੇ ਤਰ੍ਹਾਂ ਹੀ ਸ਼ੁੱਕਰਵਾਰ ਨੂੰ ਪੰਜਾਬ ਵਿੱਚ 10 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ। ਇਸੇ ਤਰ੍ਹਾਂ ਹੀ ਜੇਕਰ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਚੰਡੀਗੜ੍ਹ ‘ਚ 24 ਘੰਟਿਆਂ ‘ਚ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਅਲਰਟ ਜਾਰੀ:ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਆਪਣੀ ਰੋਜ਼ਾਨਾ ਦੀ ਭਵਿੱਖਬਾਣੀ ਵਿੱਚ ਕਿਹਾ ਕਿ ਉੱਤਰੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਉੱਤਰੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ। ਸਰਗਰਮ ਮਾਨਸੂਨ ਦਾ ਅਸਰ ਹੋਰ ਰਾਜਾਂ ਵਿੱਚ ਵੀ ਦੇਖਣ ਨੂੰ ਮਿਲੇਗਾ। ਅਜਿਹੇ 'ਚ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਭਾਰੀ ਬਾਰਿਸ਼ ਦੇ ਖਿਲਾਫ ਜ਼ਰੂਰੀ ਸਾਵਧਾਨੀ ਵਰਤਣ ਦੀ ਚਿਤਾਵਨੀ ਦਿੱਤੀ ਸੀ। ਆਈਐਮਡੀ ਨੇ ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਲਈ 8 ਤੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।