ਚੰਡੀਗੜ੍ਹ:ਪੰਜਾਬ ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੂਬੇ ਦੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਨੇ ਪਹਿਲਾਂ ਹੀ ਮਿਲੇ ਅੰਤਰਿਮ ਜ਼ਮਾਨਤ ਦੇ ਹੁਕਮਾਂ ਦੀ ਪੁਸ਼ਟੀ ਕੀਤੀ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਡੀਜੀਪੀ ਸੁਮੇਧ ਸੈਣੀ, ਅਮਰ ਸਿੰਘ ਚਾਹਲ, ਚਰਨਜੀਤ ਸ਼ਰਮਾ, ਪਰਮਰਾਜ ਉਮਰੰਗਲ ਤੇ ਸੁਖਮੰਦਰ ਸਿੰਘ ਮਾਨ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਪਹਿਲਾਂ ਹੀ ਇਨ੍ਹਾਂ ਸਾਰਿਆਂ ਨੂੰ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦੇ ਚੁੱਕੀ ਹੈ।
ਚਾਰਜਸ਼ੀਟ 'ਚ ਨਾਂ ਦਾਇਰ:ਇਸ ਤੋਂ ਪਹਿਲਾਂ 2015 ਵਿੱਚ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੀ ਫਰੀਦਕੋਟ ਅਦਾਲਤ ਵਿੱਚ ਇੱਕ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਹੋਰ ਕਈ ਸਾਬਕਾ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਸੀ। ਜਿਸ 'ਚ ਉਨ੍ਹਾਂ ਨੂੰ ਅਦਾਲਤ ਵਲੋਂ ਹੁਣ ਰਾਹਤ ਦਿੱਤੀ ਗਈ ਹੈ।
ਅਕਾਲੀ ਸਰਕਾਰ ਸਮੇਂ ਦਾ ਮਾਮਲਾ: ਸਾਲ 2015 ਵਿਚ 12 ਅਕਤੂਬਰ ਨੂੰ ਫਰੀਦਕੋਟ ਦੇ ਕਸਬਾ ਬਰਗਾੜੀ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿਚ ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਉਪਰ 14 ਅਕਤੂਬਰ 2015 ਨੂੰ ਸਵੇਰੇ ਕਰੀਬ 6:30 ਵਜੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਨੂੰ ਲੈ ਕੇ ਪਹਿਲਾਂ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਸ਼ 'ਤੇ ਵਿਸੇਸ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ।
ਕੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੂੰ ਚੈਲੰਜ: ਇਸ ਜਾਂਚ ਟੀਮ ਦੀ ਅਗਵਾਈ IPS ਪ੍ਰਬੋਧ ਕੁਮਾਰ ਨੂੰ ਸੌਂਪੀ ਗਈ ਸੀ ਪਰ ਬਾਅਦ IGP ਕੰਵਰ ਵਿਜੇ ਪ੍ਰਤਾਪ ਨੇ ਹੀ ਇਹਨਾਂ ਮਾਮਲਿਆਂ ਦੀ ਜਾਂਚ ਕੀਤੀ ਸੀ ਅਤੇ ਅਕਾਲੀ ਦਲ ਦੇ ਤਤਕਾਲੀ MLA ਮਨਤਾਰ ਸਿੰਘ ਬਰਾੜ ਅਤੇ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਦੋਸ਼ੀਆਂ ਵਜੋਂ ਨਾਮਜ਼ਦ ਕੀਤਾ ਸੀ ਪਰ ਬਾਅਦ ਵਿਚ ਨਾਮਜ਼ਦ ਪੁਲਿਸ ਅਧਿਕਾਰੀਆਂ ਵਲੋਂ ਇਸ ਪੂਰੀ ਜਾਂਚ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੈਲੰਜ ਕੀਤਾ ਗਿਆ ਸੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ SIT ਦੀ ਇਸ ਜਾਂਚ ਨੂੰ ਰੱਦ ਕਰ ਦਿੱਤਾ ਸੀ।
ਐਲਕੇ ਯਾਦਵ ਦੀ ਅਗਵਾਈ ਵਾਲੀ ਸਿੱਟ ਦੀ ਚਾਰਜਸ਼ੀਟ: ਜਿਸ ਤੋਂ ਬਾਅਦ ਨਵੀਂ SIT ਦਾ ਗਠਨ ਹੋਇਆ ਸੀ, ਜਿਸ ਦੀ ਅਗਵਾਈ LK ਯਾਦਵ ਕਰ ਰਹੇ ਸਨ। LK ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਫਰਵਰੀ 2023 ਵਿਚ ਫਰੀਦਕੋਟ ਅਦਾਲਤ ਵਿਚ 7000 ਪੰਨਿਆਂ ਦਾ ਚਲਾਨ ਦਾਖ਼ਲ ਕਰਕੇ ਤਤਕਾਲੀ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸ਼ਰਮਾਂ, ਅਮਰ ਸਿੰਘ ਚਹਿਲ, ਸੁਖਮਿੰਦਰ ਸਿੰਘ ਮਾਨ ਅਤੇ ਗੁਰਦੀਪ ਸਿੰਘ ਪੰਧੇਰ ਨੂੰ ਦੋਸ਼ੀਆਂ ਵਜੋਂ ਨਾਮਜ਼ਦ ਕੀਤਾ ਸੀ। ਇਸ ਮਾਮਲੇ 'ਚ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਨੂੰ ਫਰੀਦਕੋਟ ਅਦਾਲਤ ਨੇ ਵਢੇਰੀ ਉਮਰ ਦੇ ਚੱਲਦੇ ਜ਼ਮਾਨਤ ਦੇ ਦਿੱਤੀ ਸੀ ਜਦ ਕਿ ਬਾਕੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ ਹੋਈ ਸੀ। ਕੁਝ ਸਮਾਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਸੀ ਅਤੇ ਬਾਕੀ ਨਾਮਜ਼ਦਾਂ ਨੇ ਆਪਣੀ ਰੈਗੂਲਰ ਜਮਾਨਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਲਗਾਈ ਸੀ ਜਿਸ 'ਤੇ ਅੱਜ ਫੈਸਲਾ ਆਇਆ ਹੈ।