ਚੰਡੀਗੜ੍ਹ:ਬੀਤੇ ਦਿਨੀ ਸੀਬੀਆਈ ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਕੀਤੀ ਗਈ ਅਤੇ ਹੁਣ ਇਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿੱਚ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪ੍ਰਧਾਨ ਆਯੁਸ਼ ਖੱਟਕੜ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ। ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਵੀ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਇਸ ਪ੍ਰਦਰਸ਼ਨ ਦੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸਾਰੇ ਵਿਧਾਇਕ ਪਹੁੰਚੇ।
ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਗ੍ਰਿਫ਼ਤਾਰ: ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਵੱਲੋਂ ਸ਼ਰਾਬ ਨੀਤੀ ਘੁਟਾਲਾ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਲਈ ਸਿਸੋਦੀਆ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਹੈ। ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਸਿਸੋਦੀਆ ਵੱਲੋਂ ਚੁਣੌਤੀ ਦਿੱਤੀ ਗਈ ਹੈ ਅਤੇ ਸੀਬੀਆਈ ਵੱਲੋਂ ਮਨੀਸ਼ ਸਿਸੋਦੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਸਵਾਲਾਂ ਦੀ ਲੰਬੀ ਲਿਸਟ ਵੀ ਬਣਾਈ ਸੀ। ਜਿਸਦੇ ਆਧਾਰ ਉੱਤੇ ਸਿਸੋਦੀਆਂ ਤੋਂ ਪੁੱਛ ਪੜਤਾਲ ਕੀਤੀ ਗਈ। ਹੁਣ 4 ਮਾਰਚ ਤੱਕ ਸਿਸੋਦੀਆਂ ਨੂੰ ਰਿਮਾਂਡ ’ਤੇ ਭੇਜਿਆ ਗਿਆ ਹੈ।
ਚੰਡੀਗੜ੍ਹ ‘ਚ ਆਪ ਲੀਡਰਾਂ ਦੀ ਗ੍ਰਿਫ਼ਤਾਰੀ ਹੋਈ:ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬੀਤੇ ਦਿਨ ਆਮ ਆਦਮੀ ਪਾਰਟੀ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਕਈ ਆਪ ਲੀਡਰਾਂ ਦੀ ਗ੍ਰਿਫ਼ਤਾਰੀ ਵੀ ਹੋਈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਹਰਪਾਲ ਚੀਮਾ, ਬ੍ਰਹਮ ਸ਼ੰਕਰ ਜਿੰਪਾ, ਡਾ. ਬਲਬੀਰ, ਹਰਜੋਤ ਬੈਂਸ, ਹਰਭਜਨ ਸਿੰਘ ਈਟੀਓ, ਲਾਲਜੀਤ ਭੁੱਲਰ, ਚੇਤਨ ਸਿੰਘ ਜੌੜਾਮਾਜਰਾ ਅਤੇ ਇੰਦਰਬੀਰ ਸਿੰਘ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਕੁਝ ਘੰਟਿਆਂ ਲਈ ਹਿਰਾਸਤ ਵਿਚ ਲਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਭਾਜਪਾ ਦਾ ਤਾਨਾਸ਼ਾਹੀ ਰਵੱਈਆ ਦੱਸਿਆ ਗਿਆ।