ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਸੇਵਾ ਵਿੱਚ ਅਣਗਿਣਤ ਬਲੀਦਾਨ ਦੇਣ ਵਾਲੀ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਵਿਰਾਸਤ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਆਪਣਾ ਮੁੱਖ ਫ਼ਰਜ਼ ਨਿਭਾਉਂਦਿਆਂ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲ ਰਹੇ ਹਾਲਾਤ ਵਿੱਚ ਪੁਲਿਸ ਬਲ ਲਈ ਚੁਣੌਤੀਆਂ ਕਈ ਗੁਣਾ ਵਧੀਆਂ ਹਨ, ਜਿਸ ਲਈ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਜ਼ਰੂਰਤ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ-ਵਿਵਸਥਾ ਉੱਤੇ ਸਖ਼ਤੀ ਨਾਲ ਨਿਗ੍ਹਾ ਰੱਖਣ ਤੋਂ ਇਲਾਵਾ ਪੁਲਿਸ ਬਲ ਨੂੰ ਕਮਿਊਨਿਟੀ ਪੁਲਿਸਿੰਗ ਉੱਤੇ ਵੀ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਵਿਗਿਆਨ ਤੇ ਤਕਨਾਲੋਜੀ ਦਾ ਯੁੱਗ ਹੈ। ਇਸ ਲਈ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਆਨਲਾਈਨ ਸਹੂਲਤਾਂ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੀ ਕਰਨ ਉੱਤੇ ਵੱਡਾ ਧਿਆਨ ਦੇਣ ਦੀ ਜ਼ਰੂਰਤ ਹੈ।
ਵੱਡੇ ਸੁਧਾਰਾਂ ਦੀ ਲੋੜ: ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਨਿਆਂ ਪ੍ਰਣਾਲੀ ਵਿੱਚ ਸਿਰੇ ਤੋਂ ਸੁਧਾਰ ਕਰਨ ਦੀ ਲੋੜ ਹੈ ਅਤੇ ਪੁਲਿਸ ਇਸ ਪ੍ਰਣਾਲੀ ਦਾ ਧੁਰਾ ਹੈ, ਜਿਸ ਵਿੱਚ ਫੌਰੀ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਸੁਧਾਰਾਂ ਦਾ ਮੰਤਵ ਨੈਤਿਕ ਕਦਰਾਂ-ਕੀਮਤਾਂ, ਸੱਭਿਆਚਾਰ, ਪੁਲਿਸ ਸੰਗਠਨ ਦੀਆਂ ਨੀਤੀਆਂ ਤੇ ਸਦਾਚਾਰ ਵਿੱਚ ਬਦਲਾਅ ਹੋਵੇਗਾ ਤਾਂ ਕਿ ਪੁਲਿਸ ਜ਼ਮਹੂਰੀ ਕਦਰਾਂ-ਕੀਮਤਾਂ, ਮਨੁੱਖੀ ਅਧਿਕਾਰਾਂ ਤੇ ਕਾਨੂੰਨ ਮੁਤਾਬਕ ਆਪਣੇ ਫ਼ਰਜ਼ ਨਿਭਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇੱਕ ਹੋਰ ਮੰਤਵ ਸੁਰੱਖਿਆ ਖੇਤਰ ਦੇ ਹੋਰ ਭਾਗਾਂ ਨਾਲ ਜੂਝਣ ਦੇ ਪੁਲਿਸ ਨੂੰ ਯੋਗ ਬਣਾਉਣਾ ਹੈ, ਜਿਨ੍ਹਾਂ ਵਿੱਚ ਮੈਨੇਜਮੈਂਟ ਅਤੇ ਨਿਗਰਾਨੀ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਹਨ। ਸੰਗਰੂਰ ਸੰਸਦੀ ਹਲਕੇ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਹਰੇਕ ਕੋਨੇ ਉੱਤੇ ਨਜ਼ਰ ਰੱਖਣ ਲਈ ਉੱਥੇ ਆਧੁਨਿਕ ਸੀਸੀਟੀਵੀ ਕੈਮਰੇ ਲਗਾਉਣੇ ਸ਼ੁਰੂ ਕੀਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਨੂੰ ਹੁਣ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਪੁਲਿਸ ਉੱਤੇ ਕੰਮ ਦਾ ਬੋਝ ਘਟਾਉਣ ਦੇ ਨਾਲ-ਨਾਲ ਕਾਨੂੰਨ-ਵਿਵਸਥਾ ਦੀ ਸਥਿਤੀ ਉੱਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਪੁਲਿਸ ਦੀ ਤੀਜੀ ਅੱਖ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਨਾਲ ਕਿਸੇ ਵੀ ਅਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਫੌਰੀ ਕਾਰਵਾਈ ਯਕੀਨੀ ਬਣੇਗੀ।