ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਵਸ ਮੌਕੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਸੀਐੱਮ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਤੇ ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਸਮੂਹ ਨਾਗਰਿਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।
ਮੁੱਖ ਮੰਤਰੀ ਨੇ ਕੀਤਾ ਸੰਬੋਧਨ:ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਜ਼ਾਦੀ ਦੀ ਖਾਤਰ ਜਿਨ੍ਹਾਂ ਲੋਕਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ, ਉਨ੍ਹਾਂ 'ਚੋਂ 80 ਫੀਸਦੀ ਪੰਜਾਬੀ ਹਨ। ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਅਸੀਂ ਵੀ ਜਾਣਦੇ ਹਾਂ ਕਿ ਇਸ ਆਜ਼ਾਦੀ ਨੂੰ ਕਿਵੇਂ ਕਾਇਮ ਰੱਖਣਾ ਹੈ। ਉਹਨਾਂ ਨੇ ਕਿਹਾ ਕਿ ਅੱਜ ਵੀ ਪੰਜਾਬ ਦੀ ਜਵਾਨੀ ਦੁਸ਼ਮਣ ਦੀਆਂ ਗੋਲੀਆਂ ਦੇ ਸਾਹਮਣੇ ਖੜ੍ਹੀ ਹੈ, ਕਿਉਂਕਿ ਚਾਹੇ ਪਾਕਿਸਤਾਨ ਹੋਵੇ, ਚੀਨ ਹੋਵੇ ਜਾਂ ਆਸਾਮ, ਜੇਕਰ ਦੁਸ਼ਮਣ ਦੇ ਪਾਸਿਓਂ ਕੋਈ ਗੋਲੀ ਨਿਕਲਦੀ ਹੈ ਤਾਂ ਦੇਸ਼ ਦੇ ਹੱਕ ਵਿੱਚ ਸਭ ਤੋਂ ਪਹਿਲਾਂ ਪੰਜਾਬ ਦੇ ਲੋਕ ਖੜ੍ਹੇ ਹੁੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਜ਼ਾਦੀ ਪੰਜਾਬੀਆਂ ਨੂੰ ਬਹੁਤ ਮਹਿੰਗੀ ਪਈ ਹੈ ਕਿਉਂਕਿ ਆਜ਼ਾਦੀ ਤੋਂ ਪਹਿਲਾਂ ਦੀ ਰਾਤ ਕਹਿਰ ਦੀ ਰਾਤ ਸੀ, ਜਿਸ ਦੌਰਾਨ ਸਾਡੇ ਬਜ਼ੁਰਗਾਂ ਸਮੇਤ ਦੇਸ਼ ਦੇ ਬਟਵਾਰੇ ਦੌਰਾਨ 10 ਲੱਖ ਤੋਂ ਵੱਧ ਲੋਕ ਮਾਰੇ ਗਏ ਸਨ। ਪੰਜਾਬ ਵੰਡਿਆ ਗਿਆ ਤੇ ਪੰਜਾਬ ਦੇ ਲੋਕ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਸ਼ਹੀਦਾਂ ਨੇ ਸਾਨੂੰ ਆਜ਼ਾਦੀ ਦਿਵਾਈ ਪਰ ਸ਼ਹੀਦੇ ਆਜ਼ਮ ਭਗਤ ਸਿੰਘ ਵਰਗੇ ਸ਼ਹੀਦਾਂ ਨੂੰ ਵੀ ਇਹ ਚਿੰਤਾ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਸ ਦੇ ਹੱਥਾਂ ਵਿੱਚ ਚਲਾ ਜਾਵੇਗਾ। ਮਾਨ ਨੇ ਕਿਹਾ ਕਿ ਆਪਣੇ ਵਿਰਸੇ ਨੂੰ ਯਾਦ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੇ ਸੂਬੇ ਵਿੱਚ ਅਨਪੜ੍ਹਤਾ, ਗਰੀਬੀ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਹਨ।
ਸੀਐੱਮ ਮਾਨ ਨੇ ਕਿਹਾ ਕਿ ਅੱਜ 76 ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਹੁਣ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ' ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ ਤੇ ਹਰ ਸਾਲ 2200 ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ 90 ਫੀਸਦੀ ਲੋਕਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਹੈ।
ਬਠਿੰਡਾ ਵਿੱਚ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਝੰਡਾ: ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 15 ਅਗਸਤ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸਕੂਲੀ ਬੱਚਿਆਂ ਨੇ ਪੀਟੀ ਸ਼ੋ ਅਤੇ ਰੰਗਾਂ ਰੰਗ ਸਮਾਗਮ ਵਿੱਚ ਹਿੱਸਾ ਲਿਆ ਮੁੱਖ ਮਹਿਮਾਨ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਸ਼ਹੀਦੀ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਬਰਨਾਲਾ ਵਿੱਚ ਮੰਤਰੀ ਡਾ. ਬਲਵੀਰ ਸਿੰਘ ਨੇ ਲਹਿਰਾਇਆ ਝੰਡਾ:ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ। ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਡਾ.ਬਲਵੀਰ ਸਿੰਘ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਉਹਨਾਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।
ਲੁਧਿਆਣਾ ਵਿੱਚ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਲਹਿਰਾਇਆ ਤਿਰੰਗਾ:ਅੱਜ ਦੇਸ਼ ਦੀ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਹੈ, ਇਸ ਮੌਕੇ ਲੁਧਿਆਣਾ ਦੇ ਐਸ.ਸੀ.ਡੀ ਕਾਲਜ ਗਰਾਊਂਡ ਵਿੱਚ ਕੈਬਨਿਟ ਮੰਤਰੀ ਪੰਜਾਬ ਹਰਜੋਤ ਬੈਂਸ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ, ਲੁਧਿਆਣਾ ਅਤੇ ਡਿਪਟੀ ਕਮਿਸ਼ਨਰ ਵੀ ਮੌਜੂਦ ਸਨ। ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਕੈਬਨਿਟ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ। ਜਿਸ ਤੋਂ ਬਾਅਦ ਆਪਣੇ ਸੰਬੋਧਨ ਚ ਪੰਜਾਬ ਸਰਕਾਰ ਦੇ ਪਿਛਲੇ ਡੇਢ ਸਾਲ ਦੌਰਾਨ ਕੀਤੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਵਾਰ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਨਹੀਂ ਕੀਤੀ ਗਈ ਕਿਉਂਕਿ ਉੱਥੇ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਸੁਰਖਿਆ ਦੇ ਮੱਦੇਨਜ਼ਰ ਪਹਿਲਾਂ ਹੀ ਰੈੱਡ ਅਲਰਟ ਪੰਜਾਬ ਭਰ ਚ ਜਾਰੀ ਕੀਤਾ ਗਿਆ ਸੀ। ਪੂਰੇ 8:58 ਤੇ ਕੈਬਨਿਟ ਮੰਤਰੀ ਨੇ ਕੌਂਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਆਪਣੇ ਸੰਬੋਧਨ ਦੇ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਲਈ ਕੀਤੇ ਜਾ ਰਹੇ ਪੰਜਾਬ ਸਰਕਾਰ ਦੇ ਕੰਨਾਂ ਦਾ ਵੀ ਜ਼ਿਕਰ ਕੀਤਾ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਆਜ਼ਾਦੀ ਚ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਸਦਕਾ ਅਸੀਂ ਅੱਜ ਅਜ਼ਾਦ ਭਾਰਤ ਸੀ ਕਲਪਨਾ ਕਰ ਸਕੇ ਹਨ। ਕੈਬਨਿਟ ਮੰਤਰੀ ਨੂੰ ਸਲਾਮੀ ਦੇਣ ਲਈ ਲੁਧਿਆਣਾ ਪੁਲਿਸ ਦੀ ਟੁਕੜੀ ਨੇ ਪਰੇਡ ਕਢੀ ਇਸ ਦੌਰਾਨ ਕੈਬਨਿਟ ਮੰਤਰੀ ਨੇ ਓਪਨ ਜਿਪਸੀ ਦੇ ਵਿੱਚ ਪਰੇਡ ਦਾ ਮੁਆਇਨਾ ਕੀਤਾ।
ਰੋਪੜ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਝੰਡਾ:77ਵੇਂ ਆਜਾਦੀ ਦਿਹਾੜੇ ਮੋਕੇ ਰੋਪੜ ਦੇ ਨਹਿਰੂ ਸ਼ਟੇਡੀਅਮ ਤੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋ ਕੋਮੀ ਝੰਡੀ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਜਿਸ ਤੋ ਬਾਅਦ ਪਰੇਡ ਦਾ ਨਰੀਖਣ ਕੀਤਾ।