ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਨਿਰਮਾਣ ਵਿਭਾਗ ਨੂੰ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਬਜਟ ਸੈਸ਼ਨ ਦੌਰਾਨ ਐਲਾਨੇ ਗਏ ਸਾਰੇ ਪ੍ਰਾਜੈਕਟ ਸ਼ੁਰੂ ਕਰ ਕੇ ਦਸੰਬਰ 2021 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਪਰ ਇਸ ਦੇ ਨਾਲ ਹੀ ਕੋਵਿਡ ਦੇ ਸੰਕਟ ਨਾਲ ਪਏ ਵਿੱਤੀ ਬੋਝ ਦੇ ਮੱਦੇਨਜ਼ਰ ਇਨ੍ਹਾਂ ਪ੍ਰਾਜੈਕਟਾਂ ਦੀਆਂ ਤਰਜੀਹਾਂ ਦਾ ਵੀ ਖਿਆਲ ਰੱਖਣ ਲਈ ਕਿਹਾ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਪ੍ਰਵਾਨਿਤ ਅਤੇ ਅਲਾਟ ਕੀਤੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਮੁਕੰਮਲ ਕਰਨ ਅਤੇ ਦਸੰਬਰ ਤੋਂ ਬਾਅਦ ਹੀ ਕੋਈ ਨਵਾਂ ਕੰਮ ਸ਼ੁਰੂ ਕਰਨ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਹਲਵਾਰਾ ਹਵਾਈ ਅੱਡੇ ਦੀ ਪ੍ਰੀ-ਫੈਬ ਬਿਲਡਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਸ ਨੂੰ ਜਲਦੀ ਕਾਰਜਸ਼ੀਲ ਕੀਤਾ ਜਾ ਸਕੇ। ਉਨ੍ਹਾਂ ਵਿਭਾਗ ਨੂੰ ਰਿਆਇਤੀ ਭਾੜੇ ਸਬੰਧੀ ਮਾਮਲੇ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਤਾਂ ਜੋ ਸਮਰਪਿਤ ਮਾਲ ਰੇਲ ਲਾਂਘੇ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ।ਇਸ ਸਮੀਖਿਆ ਦਾ ਉਦੇਸ਼ ਸੂਬਾ ਸਰਕਾਰ ਦੀ ਸਾਲ 2017-22 ਲਈ 5 ਸਾਲਾ ਕਾਰਜ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ ਜੋ ਦਿਹਾਤੀ ਲਿੰਕ ਸੜਕਾਂ ਨੂੰ ਚੌੜਾ ਕਰਨ, ਸਾਰੇ ਜ਼ਿਲਾ ਹੈਡ ਕੁਆਟਰਾਂ ਨੂੰ ਤੇਜ਼ ਰਫਤਾਰੀ 4/6 ਮਾਰਗੀ ਸੜਕਾਂ ਨਾਲ ਜੋੜਨ ਅਤੇ ਹਾਈ ਸਪੀਡ ਆਰਥਿਕ ਲਾਂਘਾ ਉਸਾਰਨ 'ਤੇ ਕੇਂਦਰਤ ਸੀ।