ਚੰਡੀਗੜ੍ਹ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਸਜ਼ਾ ਕੱਟ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਆਗੂ ਜਗਤਾਰ ਸਿੰਘ ਹਵਾਰਾ ਨੂੰ ਮੰਗਲਵਾਰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਚੰਡੀਗੜ੍ਹ ਦੀ ਮਾਡਲ ਬੁੜੈਲ ਜੇਲ੍ਹ 'ਚ ਸੁਰੰਗ ਬਣਾ ਕੇ ਫ਼ਰਾਰ ਹੋਣ ਦੇ ਮਾਮਲੇ 'ਚ ਹਵਾਰਾ ਖ਼ਿਲਾਫ਼ ਜ਼ਿਲ੍ਹਾ ਅਦਾਲਤ 'ਚ ਕੇਸ ਚੱਲ ਰਿਹਾ ਹੈ।
10 ਅਗਸਤ ਨੂੰ ਹੋਵੇਗੀ ਸੁਣਵਾਈ:ਹਾਲਾਂਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਹੈ ਅਤੇ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਮੰਗਲਵਾਰ ਨੂੰ ਸੁਣਵਾਈ ਨਹੀਂ ਹੋਈ ਅਤੇ ਅਦਾਲਤ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ। ਜਗਤਾਰ ਸਿੰਘ ਹਵਾਰਾ ਨੂੰ ਹਿਰਾਸਤ ਵਿੱਚ ਬਚਾਅ ਪੱਖ ਦੇ ਵਕੀਲ ਐਡਵੇਕੋਟ ਜਸਪਾਲ ਸਿੰਘ ਮੰਝਪੁਰ ਅਤੇ ਮੁਲਜ਼ਮਾਂ ਦੇ ਵਕੀਲ ਦਿਲਸ਼ੇਰ ਸਿੰਘ ਜੰਡਿਆਲਾ ਵੱਲੋਂ ਪੇਸ਼ ਕੀਤਾ ਗਿਆ।
ਵਿਅਕਤੀਗਤ ਅਦਾਲਤ 'ਚ ਪੇਸ਼ ਹੋਵੇ: ਜੇਲ੍ਹ ਪ੍ਰਸ਼ਾਸਨ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕਰਦਿਆਂ ਆਪਣੀਆਂ ਦਲੀਲਾਂ ਦਿੱਤੀਆਂ ਗਈਆਂ । ਜਿਸ 'ਚ ਅਦਾਲਤ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਮਾਮਲਾ ਇਲਜ਼ਾਮ ਅਤੇ ਬਹਿਸ ਲਈ ਤੈਅ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ 'ਚ ਵਿਅਕਤੀਗਤ ਤੌਰ 'ਤੇ ਪੇਸ਼ ਕੀਤਾ ਜਾਵੇ।
ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹੋਣ:ਅਦਾਲਤ ਵੱਲੋਂ 10 ਅਗਸਤ ਨੂੰ ਮੁਲਜ਼ਮ ਨੂੰ ਹਰ ਹਾਲਤ ਵਿੱਚ ਪੇਸ਼ ਕਰਨ ਲਈ ਕਿਹਾ ਕਿ ਸੁਪਰਡੈਂਟ ਤਿਹਾੜ ਜੇਲ੍ਹ ਮੰਡੋਲੀ ਦਿੱਲੀ ਨੂੰ ਇੱਕ ਵੱਖਰਾ ਪੱਤਰ ਲਿਖਿਆ ਜਾਵੇ ਤਾਂ ਜੋ ਮੌਜੂਦਾ ਕੇਸ ਵਿੱਚ ਹੋਰ ਦੇਰੀ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਪੱਤਰ ਐਸ.ਐਸ.ਪੀ ਮੁਹਾਲੀ ਨੂੰ ਭੇਜਿਆ ਗਿਆ ਹੈ ਤਾਂ ਜੋ ਤੈਅ ਮਿਤੀ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਜਗਤਾਰ ਸਿੰਘ ਹਵਾਰਾ ਦੀ ਪੇਸ਼ੀ ’ਤੇ ਨਜ਼ਰ ਰੱਖਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।