ਪੰਜਾਬ

punjab

ETV Bharat / state

ਅਕਾਲੀ ਦਲ ਵੱਲੋਂ ਤਿੰਨਾਂ ਤਖ਼ਤਾਂ ਤੋਂ ਸ਼ੁਰੂ ਹੋਣ ਵਾਲੇ ਕਿਸਾਨ ਮਾਰਚ 'ਚ ਵੱਡਾ ਇੱਕਠ ਕਰਨ ਦਾ ਦਾਅਵਾ - ਭਾਰਤ ਦੇ ਰਾਸ਼ਟਰਪਤੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਲ੍ਹ ਤੋਂ ਖੇਤੀ ਕਾਨੂੰਨਾਂ ਖਿਲਾਫ਼ ਤਿੰਨਾਂ ਤਖ਼ਤਾਂ ਤੋਂ ਕਿਸਾਨ ਮਾਰਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮਾਰਚ ਰਾਹੀਂ ਅਕਾਲੀ ਦਲ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ 'ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗੀ।

Kisan March by Akali Dal starting from three Takhts
ਅਕਾਲੀ ਦਲ ਵੱਲੋਂ ਤਿੰਨਾਂ ਤਖ਼ਤਾਂ ਤੋਂ ਸ਼ੁਰੂ ਹੋਣ ਵਾਲੇ ਕਿਸਾਨ ਮਾਰਚ 'ਚ ਵੱਡਾ ਇੱਕਠ ਕਰਨ ਦਾ ਦਾਅਵਾ

By

Published : Sep 30, 2020, 7:42 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਵੱਲੋਂ ਕੱਲ੍ਹ ਤੋਂ ਖੇਤੀ ਕਾਨੂੰਨਾਂ ਖਿਲਾਫ਼ ਤਿੰਨਾਂ ਤਖ਼ਤਾਂ ਤੋਂ ਕਿਸਾਨ ਮਾਰਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਮਾਰਚ ਚੰਡੀਗੜ੍ਹ ਪੁੱਜੇਗਾ। ਇਸ ਤੋਂ ਬਾਅਦ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅਕਾਲੀ ਦਲ ਇੱਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ 'ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗਾ।

ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਦੀ ਅਗਵਾਈ ਕਰਨਗੇ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਦੀ ਅਗਵਾਈ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਕਰਨਗੇ।

ਹੋਰ ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ। ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ, ਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਰੋਪੜ ਬਾਈਪਾਸ 'ਤੇ ਅਕਾਲੀ ਦਲ ਪ੍ਰਧਾਨ ਦੀ ਅਗਵਾਈ ਹੇਠ ਆ ਰਹੇ ਮਾਰਚ ਵਿੱਚ ਰਲ ਜਾਵੇਗਾ।

ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਤੋਂ ਮਾਰਚ ਸਵੇਰੇ 8.00 ਵਜੇ ਸ਼ੁਰੂ ਹੋਵੇਗਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਵੇਰੇ 10.00 ਵਜੇ ਮਾਰਚ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮੇਂ ਦੀ ਘਾਟ ਕਾਰਨ ਮੋਹਾਲੀ ਦੇ ਦੁਸ਼ਹਿਰਾ ਗਰਾਉਂਡ ਵਿੱਚ ਇਕੱਠੇ ਹੋਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ ਤੇ ਇਹ ਮਾਰਚ ਸਿੱਧਾ ਰਾਜ ਭਵਨ ਚੰਡੀਗੜ੍ਹ ਪੁੱਜਣਗੇ।

ABOUT THE AUTHOR

...view details