ਚੰਡੀਗੜ੍ਹ:ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੀ ਧਰਤੀ ਧਰਨੇ ਅਤੇ ਪ੍ਰਦਰਸ਼ਨਾਂ ਦਾ ਗੜ੍ਹ ਬਣ ਗਈ ਹੈ। ਹੁਣ ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਸਰਕਾਰ ਵਿਰੁੱਧ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੀਆਂ ਹਨ। ਪੰਜਾਬ ਦੇ ਪਾਣੀਆਂ, ਪੰਚਾਇਤੀ ਜ਼ਮੀਨਾਂ, ਜ਼ੀਰਾ ਫੈਕਟਰੀ ਅਤੇ ਪੰਜਾਬ ਦੇ ਹੋਰ ਮੁੱਦਿਆਂ ਉੱਤੇ ਕਿਸਾਨ ਸਰਕਾਰ ਨੂੰ ਘੇਰਨ ਲਈ ਹੁਣ ਪੱਕਾ ਸੰਘਰਸ਼ ਕਰਨਗੇ। ਇਸਦਾ ਐਲਾਨ ਪੰਜ ਕਿਸਾਨ ਜੱਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਕੰਵਲਪ੍ਰੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਕੀਤਾ ਹੈ।
ਮੀਟਿੰਗ ਤੋਂ ਬਾਅਦ ਲਿਆ ਫੈਸਲਾ:ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਭਵਨ ਵਿਚ ਇਸ ਸਬੰਧੀ ਮੀਟਿੰਗ ਕੀਤੀ ਗਈ ਅਤੇ ਇਸ ਰਣਨੀਤੀ ਦਾ ਐਲਾਨ ਕੀਤਾ ਹੈ। ਹਾਲਾਂਕਿ ਮੀਟਿੰਗ ਵਿਚ ਸ਼ਰਾਬ ਫੈਕਟਰੀ, ਜ਼ੀਰਾ ਦੇ ਗੰਦੇ ਪਾਣੀ ਨਾਲ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਵਿਰੁੱਧ ਸੰਘਰਸ਼ ਕਰ ਰਹੀ ਜ਼ੀਰਾ ਸੰਘਰਸ਼ ਕਮੇਟੀ ਵੱਲੋਂ 17 ਜਨਵਰੀ ਤੋਂ 3 ਫਰਵਰੀ 2023 ਤੱਕ ਮੋਰਚਾ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੋਰਚਾ ਪਾਣੀ ਦੇ ਗੰਭੀਰ ਸੰਕਟ, ਵਾਤਾਵਰਨ ਪ੍ਰਦੂਸ਼ਣ ਅਤੇ ਸੰਘੀ ਢਾਂਚੇ 'ਤੇ ਹਮਲੇ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਜ਼ੀਰਾ ਸੰਘਰਸ਼ ਕਮੇਟੀ ਦੀਆਂ ਅਸਲ ਸਮੱਸਿਆਵਾਂ ਵੱਲ ਕੋਈ ਧਿਆਨ ਨਾ ਦੇਣ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਵੀ ਕੀਤੀ। ਉਨ੍ਹਾਂ ਕਿਹਾ ਕਿ ਫੈਕਟਰੀ ਦਾ ਰਸਾਇਣਕ ਗੰਦਾ ਪਾਣੀ ਸਮੁੱਚੇ ਇਲਾਕੇ ਦੇ ਧਰਤੀ ਹੇਠਲੇ ਪੀਣ ਵਾਲੇ ਪਾਣੀ ਨੂੰ ਦੂਸ਼ਿਤ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਿਹਾ ਹੈ। ਫੈਕਟਰੀਆਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦੀ ਸਮੱਸਿਆ ਸਿਰਫ ਜ਼ੀਰਾ ਫੈਕਟਰੀ ਤੱਕ ਹੀ ਸੀਮਤ ਨਹੀਂ ਹੈ, ਸਗੋਂ ਪੂਰੇ ਸੂਬੇ ਦਾ ਵਰਤਾਰਾ ਹੈ, ਜਿਸ ਨੂੰ ਨੱਥ ਪਾਉਣ ਲਈ ਪੰਜ ਯੂਨੀਅਨਾਂ ਗੰਭੀਰਤਾ ਨਾਲ ਲੈ ਰਹੀਆਂ ਹਨ। 20 ਜਨਵਰੀ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਸਾਰੀਆਂ ਮੰਗਾਂ ਦੇ ਹੱਕ ਵਿਚ ਅਤੇ ਮੋਰਚੇ ਵਿਚ ਸਮਾਜ ਦੇ ਸਾਰੇ ਵਰਗਾਂ ਦੀ ਵਿਆਪਕ ਲਾਮਬੰਦੀ ਲਈ ਕੀਤੀ ਜਾਵੇਗੀ।