ਚੰਡੀਗੜ੍ਹ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜ ਮੈਂਬਰਾਂ ਦੀ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਤੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਤੇ ਖੰਨਾ ਐਡੀਸ਼ਨਲ ਮੁੱਖ ਸਕੱਤਰ ਵਿਸ਼ਵਾਜੀਤ ਨਾਲ ਹੋਈ। ਸੈਕਟਰ 35 'ਚ ਕਿਸਾਨ ਭਵਨ ਵਿੱਚ ਹੋਈ ਇਸ ਮੀਟਿੰਗ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਗਿਆ ਕਿ 10 ਦਿਨਾਂ ਅੰਦਰ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।
ਮੀਟਿੰਗ ਤੋਂ ਬਾਅਦ ਇਸ ਬਾਰੇ ਗੱਲ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਮੀਟਿੰਗ ਪੰਜਾਬ ਸਰਕਾਰ ਵੱਲੋਂ 10 ਦਸੰਬਰ 2019 ਦੀ ਮੀਟਿੰਗ ਵਿੱਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੇ ਦਸਤਖਤਾਂ ਹੇਠ ਮੰਨੀਆਂ ਹੋਈਆਂ 14 ਮੰਗਾਂ ਤੁਰੰਤ ਲਾਗੂ ਕਰਵਾਉਣ। ਹੋਰ ਮੰਗਾਂ ਜਿਵੇਂ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਲੱਗ ਰਹੇ ਟੋਲ ਪਲਾਜ਼ਾ ਲਈ ਕਿਸਾਨਾਂ ਦੀ ਸਹਿਮਤੀ ਤੋਂ ਬਗੈਰ ਲਈ ਜਾ ਰਹੀ ਜ਼ਮੀਨ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ, ਜ਼ਿਲ੍ਹਾ ਫ਼ਿਰੋਜ਼ਪੁਰ ਦੇ 2018-19 ਦੇ ਹੜ੍ਹ ਪੀੜਤਾਂ ਦਾ 7 ਕਰੋੜ ਦਾ ਮੁਆਵਜ਼ਾ ਬਕਾਇਆ ਪਿਆ ਹੈ, ਉਸ ਨੂੰ ਤੁਰੰਤ ਜਾਰੀ ਕਰਵਾਉਣ ਲਈ, ਬਿਜਲੀ ਦਰਾਂ ਵਿੱਚ ਹੋਏ ਵਾਧੇ ਵਾਪਸ ਲੈਣ ਲਈ ਅਤੇ ਪਿਛਲੀ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਨਾਲ ਕੀਤੇ ਪੰਜਾਬ ਮਾਰੂ ਸਮਝੌਤੇ ਰੱਦ ਕਰਵਾਉਣ ਲਈ ਕਿਸਾਨਾਂ ਦਾ ਕਰਜ਼ਾ ਮਾਫ ਕਰਵਾਉਣ ਲਈ ਕੀਤੀ ਗਈ ਸੀ।